ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਚਿਤਾਵਨੀ ਦਿੱਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਥਿਤ ਕੁਪ੍ਰਬੰਧ ਅਤੇ ਬਹੁਤ ਜ਼ਿਆਦਾ ਕਰਜ਼ੇ ਰਾਹੀਂ ਅਗਲੀ ਸਰਕਾਰ ਲਈ ਵੱਡੀਆਂ ਵਿੱਤੀ ਦੇਣਦਾਰੀਆਂ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲਤ ਇੰਨੀ ਮਾੜੀ ਹੈ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਵਰਗੇ ਰੋਜ਼ਾਨਾ ਦੇ ਖਰਚੇ ਪੂਰੇ ਕਰਨ ਲਈ ਵੀ ਕਰਜ਼ਾ ਲਿਆ ਜਾ ਰਿਹਾ ਹੈ।
ਵੜਿੰਗ ਨੇ ਕਿਹਾ ਕਿ ਜਿਹੜੀ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਦੇ ਯੋਗ ਨਹੀਂ ਹੈ, ਉਸ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਵੜਿੰਗ ਨੇ ਦੋਸ਼ ਲਗਾਇਆ ਕਿ ਸਰਕਾਰ ਸੂਬੇ ਦੀ ਵਿੱਤੀ ਹਾਲਤ ‘ਤੇ ਵ੍ਹਾਈਟ ਪੇਪਰ ਪੇਸ਼ ਕਰਨ ਵਿੱਚ ਅਸਫਲ ਰਹੀ ਹੈ, ਇਸ ਲਈ ਕਾਂਗਰਸ ਇੱਕ ਵਿਆਪਕ ਵਿੱਤੀ ਚਾਰਜਸ਼ੀਟ ਜਾਰੀ ਕਰੇਗੀ। ਇਸ ਵਿੱਚ ਦੱਸਿਆ ਜਾਵੇਗਾ ਕਿ ਕਿਵੇਂ ‘ਆਪ’ ਸਰਕਾਰ ਨੇ ਨਵੀਂ ਆਮਦਨ ਪੈਦਾ ਕੀਤੇ ਬਿਨਾਂ ਫਜ਼ੂਲਖਰਚੀ ਰਾਹੀਂ ਪੰਜਾਬ ਦੇ ਖ਼ਜ਼ਾਨੇ ਨੂੰ ਬਰਬਾਦ ਕਰ ਦਿੱਤਾ ਹੈ।
ਪੰਜਾਬ ਕਾਂਗਰਸ ਪ੍ਰਧਾਨ ਨੇ ਯਾਦ ਦਿਵਾਇਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰੇਤ ਦੀ ਮਾਈਨਿੰਗ ਤੋਂ ਸਾਲਾਨਾ 20,000 ਕਰੋੜ ਰੁਪਏ ਕਮਾਉਣ ਅਤੇ ਭ੍ਰਿਸ਼ਟਾਚਾਰ ਰੋਕ ਕੇ 30 ਫੀਸਦੀ ਪੈਸਾ ਬਚਾਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾਅਵਿਆਂ ਨਾਲ ਲੋਕਾਂ ਨੂੰ ਗੁਮਰਾਹ ਕੀਤਾ ਗਿਆ ਕਿ ਸਰਕਾਰ ਹਰ ਸਾਲ ਲਗਪਗ 1 ਲੱਖ ਕਰੋੜ ਰੁਪਏ ਦੀ ਬਚਤ ਨਾਲ ਆਪਣਾ ਕੰਮ ਸ਼ੁਰੂ ਕਰੇਗੀ।
ਵੜਿੰਗ ਨੇ ਕਿਹਾ, ‘ਆਪ’ ਦੇ ਸ਼ਾਸਨ ਹੇਠ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ ਅਤੇ ਸੂਬੇ ਦਾ ਕਰਜ਼ਾ 4 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ।’ ਉਨ੍ਹਾਂ ਕਿਹਾ, ‘ਸਰਕਾਰ ਹੁਣ ਤਨਖਾਹਾਂ ਦੇਣ ਲਈ ਵੀ ਕਰਜ਼ੇ ਲੈ ਰਹੀ ਹੈ। ਇਹ ਇੱਕ ਅਜਿਹੀ ਮਾੜੀ ਪ੍ਰਾਪਤੀ ਹੈ ਜੋ ਸੂਬੇ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਈ।’
ਉਨ੍ਹਾਂ ਨੇ ਸਰਕਾਰ ਦੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਦੇ ਉਸ ਕਥਿਤ ਕਦਮ ਦੀ ਵੀ ਆਲੋਚਨਾ ਕੀਤੀ, ਜਿਸ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ ਏ) ਦੇ ਬਕਾਏ 30 ਜੂਨ ਤੱਕ ਕਲੀਅਰ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ, ‘ਆਪਣੇ ਥੋੜ੍ਹੇ ਸਮੇਂ ਦੇ ਬਚਾਅ ਲਈ ਮੌਜੂਦਾ ਸਰਕਾਰ ਸੂਬੇ ਦੀ ਵਿੱਤੀ ਸਥਿਰਤਾ ਨੂੰ ਖਤਰੇ ਵਿੱਚ ਪਾ ਰਹੀ ਹੈ ਅਤੇ ਅਗਲੀ ਸਰਕਾਰ ਲਈ ਦੇਣਦਾਰੀਆਂ ਪੈਦਾ ਕਰ ਰਹੀ ਹੈ, ਕਿਉਂਕਿ ਇਸ ਨੂੰ ਪਤਾ ਹੈ ਕਿ ਇਸ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ।’






