ਸਮਰਾਟ ਚੌਧਰੀ ਬਿਹਾਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਉਨ੍ਹਾਂ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਬਿਹਾਰ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹੇ ਨਿਤੀਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ ਅਤੇ ਕੈਬਨਿਟ ਨੂੰ ਭੰਗ ਕਰਨ ਦੀ ਸਿਫਾਰਸ਼ ਵੀ ਕੀਤੀ ਹੈ। ਨਿਤੀਸ਼ ਕੁਮਾਰ ਹੁਣ ਰਾਜ ਸਭਾ ਮੈਂਬਰ ਵਜੋਂ ਆਪਣੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ।
ਬਿਹਾਰ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਭਾਰਤੀ ਜਨਤਾ ਪਾਰਟੀ (ਬੀਜੇਪੀ) ਦਾ ਕੋਈ ਆਗੂ ਮੁੱਖ ਮੰਤਰੀ ਦੀ ਕੁਰਸੀ ਸੰਭਾਲੇਗਾ। ਸਮਰਾਟ ਚੌਧਰੀ ਪਹਿਲਾਂ ਉਪ-ਮੁੱਖ ਮੰਤਰੀ ਵਜੋਂ ਸੇਵਾ ਨਿਭਾ ਰਹੇ ਸਨ, ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਮ ਦੀ ਤਜਵੀਜ਼ ਵਿਜੇ ਸਿਨਹਾ ਵੱਲੋਂ ਰੱਖੀ ਗਈ ਸੀ।
ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਭਲਕ 15 ਅਪਰੈਲ ਨੂੰ ਸਵੇਰੇ 11 ਵਜੇ ਹੋਣ ਦੀ ਉਮੀਦ ਹੈ। ਸਮਰਾਟ ਚੌਧਰੀ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ‘ਵਿਕਸਿਤ ਬਿਹਾਰ’ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰਨਗੇ। ਐਨਡੀਏ (NDA) ਦੇ ਸਾਰੇ ਵਿਧਾਇਕ ਅੱਜ ਸ਼ਾਮ ਨੂੰ ਇੱਕ ਮੀਟਿੰਗ ਕਰਨਗੇ ਜਿਸ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਦੀ ਰਣਨੀਤੀ ਬਣਾਈ ਜਾਵੇਗੀ।
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਜੋ ਭਾਜਪਾ ਵੱਲੋਂ ਇਸ ਚੋਣ ਲਈ ਕੇਂਦਰੀ ਨਿਰੀਖਕ ਵਜੋਂ ਆਏ ਸਨ, ਨੇ ਐਲਾਨ ਕੀਤਾ ਹੈ ਕਿ ਪਾਰਟੀ ਨੇ ਸਰਬਸੰਮਤੀ ਨਾਲ ਸਮਰਾਟ ਚੌਧਰੀ ਨੂੰ ਆਪਣਾ ਆਗੂ ਚੁਣ ਲਿਆ ਹੈ। ਤਾਰਾਪੁਰ ਤੋਂ ਵਿਧਾਇਕ ਸਮਰਾਟ ਚੌਧਰੀ ਹੁਣ ਐਨ.ਡੀ.ਏ. (NDA) ਵਿਧਾਇਕ ਦਲ ਦੇ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਬਿਹਾਰ ਦੇ ਅਗਲੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣਗੇ। ਜ਼ਿਕਰਯੋਗ ਹੈ ਕਿ 243 ਮੈਂਬਰੀ ਵਿਧਾਨ ਸਭਾ ਵਿੱਚ ਭਾਜਪਾ 89 ਵਿਧਾਇਕਾਂ ਨਾਲ ਸਭ ਤੋਂ ਵੱਡੀ ਪਾਰਟੀ ਹੈ।
ਬਿਹਾਰ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹੇ ਨਿਤੀਸ਼ ਕੁਮਾਰ ਨੇ ਅੱਜ ਰਾਜਪਾਲ ਸਈਦ ਅਤਾ ਹਸਨੈਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਪਿਛਲੇ ਹਫ਼ਤੇ ਹੀ ਉਹ ਰਾਜ ਸਭਾ ਮੈਂਬਰ ਚੁਣੇ ਗਏ ਸਨ। ਜਦੋਂ ਉਹ ਅਸਤੀਫਾ ਦੇਣ ਰਾਜ ਭਵਨ ਪਹੁੰਚੇ ਤਾਂ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸਮਰਾਟ ਚੌਧਰੀ, ਜੇ.ਡੀ.ਯੂ. ਦੇ ਕੌਮੀ ਕਾਰਜਕਾਰੀ ਪ੍ਰਧਾਨ ਸੰਜੇ ਝਾਅ ਅਤੇ ਮੰਤਰੀ ਵਿਜੈ ਚੌਧਰੀ ਵੀ ਮੌਜੂਦ ਸਨ।
ਅਸਤੀਫਾ ਦੇਣ ਤੋਂ ਬਾਅਦ 75 ਸਾਲਾ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਬਿਹਾਰ ਦੇ ਲੋਕਾਂ ਲਈ ਬਹੁਤ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਅਹੁਦਾ ਛੱਡਣ ਦਾ ਫੈਸਲਾ ਕੀਤਾ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਲਿਖਦਿਆਂ ਉਨ੍ਹਾਂ ਕਿਹਾ ਕਿ ਹੁਣ ਨਵੀਂ ਸਰਕਾਰ ਬਿਹਾਰ ਦੇ ਕੰਮਕਾਜ ਨੂੰ ਦੇਖੇਗੀ ਅਤੇ ਇਸ ਨਵੀਂ ਸਰਕਾਰ ਨੂੰ ਉਨ੍ਹਾਂ ਦਾ ਪੂਰਾ ਸਹਿਯੋਗ ਅਤੇ ਮਾਰਗਦਰਸ਼ਨ ਮਿਲਦਾ ਰਹੇਗਾ।






