ਸੁਪਰੀਮ ਕੋਰਟ ਨੇ 2020 ਦੇ ਦਿੱਲੀ ਦੰਗਿਆਂ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਮੁਲਜ਼ਮ ਉਮਰ ਖਾਲਿਦ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਉਸ ਨੇ ਪੰਜ ਜਨਵਰੀ ਦੇ ਜ਼ਮਾਨਤ ਨਾ ਦੇਣ ਦੇ ਹੁਕਮ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਸੀ। ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਮੁੜ ਵਿਚਾਰ ਪਟੀਸ਼ਨ ਅਤੇ ਨੱਥੀ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਅਜਿਹਾ ਕੋਈ ਠੋਸ ਆਧਾਰ ਜਾਂ ਕਾਰਨ ਨਹੀਂ ਮਿਲਿਆ ਜਿਸ ਨਾਲ ਪੁਰਾਣੇ ਫੈਸਲੇ ਦੀ ਸਮੀਖਿਆ ਕੀਤੀ ਜਾਵੇ।
ਅਦਾਲਤ ਨੇ ਖੁੱਲ੍ਹੀ ਅਦਾਲਤ ਵਿੱਚ ਜ਼ੁਬਾਨੀ ਸੁਣਵਾਈ ਦੀ ਮੰਗ ਨੂੰ ਵੀ ਰੱਦ ਕਰ ਦਿੱਤਾ, ਕਿਉਂਕਿ ਅਜਿਹੀਆਂ ਪਟੀਸ਼ਨਾਂ ਦੀ ਸੁਣਵਾਈ ਆਮ ਤੌਰ ‘ਤੇ ਚੈਂਬਰ ਵਿੱਚ ਹੀ ਕੀਤੀ ਜਾਂਦੀ ਹੈ।
ਉਮਰ ਖਾਲਿਦ ਫਰਵਰੀ 2020 ਵਿੱਚ ਹੋਏ ਦਿੱਲੀ ਦੰਗਿਆਂ ਦੇ ਪਿੱਛੇ ਇੱਕ ਵੱਡੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਪਿਛਲੇ ਪੰਜ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਵਿਰੁੱਧ UAPA ਅਤੇ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਹੈ।
ਸੁਪਰੀਮ ਕੋਰਟ ਨੇ ਪਹਿਲਾਂ ਇਹ ਨੋਟ ਕੀਤਾ ਸੀ ਕਿ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਦੀ ਭੂਮਿਕਾ ਇਸ ਸਾਜ਼ਿਸ਼ ਦੀ ਯੋਜਨਾਬੰਦੀ ਅਤੇ ਤਿਆਰੀ ਵਿੱਚ ਕੇਂਦਰੀ ਰਹੀ ਹੈ, ਜੋ ਕਿ ਦੂਜੇ ਮੁਲਜ਼ਮਾਂ ਨਾਲੋਂ ਵੱਖਰੀ ਹੈ। ਹਾਲਾਂਕਿ ਅਦਾਲਤ ਨੇ ਪੰਜ ਹੋਰ ਸਹਿ-ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਸੀ, ਪਰ ਖਾਲਿਦ ਦੀ ਮੁੜ ਵਿਚਾਰ ਪਟੀਸ਼ਨ ਨੂੰ ਖਾਰਜ ਕਰਦਿਆਂ ਅਦਾਲਤ ਨੇ ਆਪਣੇ ਪੁਰਾਣੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਇਹ ਦੰਗੇ ਸੀਏਏ (CAA) ਅਤੇ ਐਨਆਰਸੀ (NRC) ਵਿਰੁੱਧ ਪ੍ਰਦਰਸ਼ਨਾਂ ਦੌਰਾਨ ਭੜਕੇ ਸਨ, ਜਿਸ ਵਿੱਚ 53 ਲੋਕਾਂ ਦੀ ਮੌਤ ਹੋਈ ਸੀ।






