ਪਰਾਲੀ ਸਾੜਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਡਿਊਟੀ ਵਿੱਚ ਕਥਿਤ ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਤਪਾ ਦੇ ਡੀ ਐੱਸ ਪੀ , ਤਪਾ ਥਾਣੇ ਦੇ ਐੱਸ ਐੱਚ ਓ ਅਤੇ ਤਿੰਨ ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਬੁੱਧਵਾਰ ਨੂੰ ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ ਦੇ ਨਾਲ ਪਿੰਡ ਢਿੱਲਵਾਂ ਅਤੇ ਮੌੜ ਨਾਭਾ ਦਾ ਨਿਰੀਖਣ ਕਰਨ ਤੋਂ ਬਾਅਦ ਇਹ ਕਾਰਵਾਈ ਕੀਤੀ।
ਦੌਰੇ ਦੌਰਾਨ ਕਈ ਥਾਵਾਂ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਪਾਈਆਂ ਗਈਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਲੱਗਣ ਵਾਲੀ ਅੱਗ ਨੂੰ ਰੋਕਣ ਲਈ ਪਹਿਲਾਂ ਹੀ ਇੱਕ ਤੰਤਰ ਸਥਾਪਤ ਕੀਤਾ ਗਿਆ ਹੈ, ਜਿਸ ਤਹਿਤ 40 ਕਲੱਸਟਰ, ਸਹਾਇਕ ਕਲੱਸਟਰ ਅਫ਼ਸਰ ਅਤੇ 254 ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਐੱਫ ਆਈ ਆਰ ਅਤੇ ਚਲਾਨ ਵੀ ਜਾਰੀ ਕੀਤੇ ਜਾ ਰਹੇ ਹਨ। ਕਿਸੇ ਵੀ ਢਿੱਲ ਵਿਰੁੱਧ ਚਿਤਾਵਨੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਜਾਂ ਡਿਊਟੀ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੀ ਕੋਈ ਘਟਨਾ ਨਾ ਵਾਪਰੇ।
ਉਨ੍ਹਾਂ ਨੇ ਕਿਸਾਨਾਂ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਦੇ ਵਾਤਾਵਰਣ ਪੱਖੀ ਤਰੀਕੇ ਅਪਣਾਉਣ ਦੀ ਅਪੀਲ ਵੀ ਕੀਤੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੁਲੀਸ ਨੇ ਕਣਕ ਦੀ ਨਾੜ ਸਾੜਨ ਦੇ ਕਥਿਤ ਦੋਸ਼ ਵਿੱਚ ਇੱਥੋਂ ਦੇ ਪਿੰਡ ਪੰਧੇਰ ਦੇ ਇੱਕ ਕਿਸਾਨ ਵਿਰੁੱਧ ਮਾਮਲਾ ਦਰਜ ਕੀਤਾ ਸੀ। ਇਸ ਤੋਂ ਇਲਾਵਾ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਕਥਿਤ ਦੋਸ਼ ਹੇਠ ਉਸ ਨੂੰ 5,000 ਰੁਪਏ ਜੁਰਮਾਨਾ ਵੀ ਕੀਤਾ ਗਿਆ ਸੀ।






