ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਅਮਲਾ ਸਿੰਘ ਵਾਲਾ ਨੇੜੇ ਡਰੇਨ ਦੀ ਪਟੜੀ ਉੱਪਰ ਅੱਜ ਸਵੇਰੇ ਕਰੀਬ 7:30 ਵਜੇ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਠੁੱਲੀਵਾਲ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਮੌਕੇ ਦਾ ਜਾਇਜ਼ਾ ਲੈ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲਿਆ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਏਐਸਆਈ ਗੁਰਨਾਮ ਸਿੰਘ ਚੌਹਾਨਕੇ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਅਮਲਾ ਸਿੰਘ ਵਾਲਾ ਨੇੜੇ ਲੰਘਦੀ ਡਰੇਨ ਦੀ ਪਟੜੀ ਉੱਪਰ ਇੱਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਗਿਆ।






