ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਅਤੇ ਇਸ ਦੇ ਨਾਲ ਹੀ ਲੱਗ ਰਹੇ ਬਿਜਲੀ ਦੇ ਵੱਡੇ-ਵੱਡੇ ਕੱਟਾਂ ਨੇ ਲੋਕਾਂ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਹੈ। ਇਸ ਦੌਰਾਨ ਖੇਤੀ ਖੇਤਰ ਨੂੰ ਵੀ ਅੱਠ ਘੰਟੇ ਨਿਰਵਿਘਨ ਬਿਜਲੀ ਨਾ ਮਿਲਣ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੰਜਾਬ ਵਿੱਚ ਬਿਜਲੀ ਦੀ ਸਪਲਾਈ ਦੀ ਮੰਗ ਨੂੰ ਲੈ ਕੇ ਸੂਬੇ ਭਰ ਵਿੱਚ ਬਿਜਲੀ ਵਿਭਾਗ ਵਿਰੁੱਧ ਹੱਲਾ ਬੋਲਿਆ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਬਿਜਲੀ ਵਿਭਾਗ ਦੇ ਦਫ਼ਤਰਾਂ ਮੂਹਰੇ ਰੋਸ ਮੁਜ਼ਾਹਰੇ ਕੀਤੇ ਅਤੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਖ਼ੁਦ ਅੰਮ੍ਰਿਤਸਰ ਵਿਖੇ ਰੋਸ ਮੁਜ਼ਾਹਰੇ ਦੌਰਾਨ ਮੌਜੂਦ ਰਹੇ। ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀ ਖੇਤਰ ਲਈ ਅੱਠ ਘੰਟੇ ਬਿਜਲੀ ਸਪਲਾਈ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦੋਂ ਕਿ ਖੇਤੀ ਖੇਤਰ ਨੂੰ ਸਿਰਫ਼ ਤਿੰਨ ਤੋਂ ਚਾਰ ਘੰਟੇ ਹੀ ਬਿਜਲੀ ਮਿਲ ਪਾ ਰਹੀ ਹੈ।
ਇੱਕ ਪਾਸੇ ਬਿਜਲੀ ਨਾ ਆਉਣ ਕਰਕੇ ਅਤੇ ਉੱਪਰੋਂ ਪੈ ਰਹੀ ਅਤਿ ਦੀ ਗਰਮੀ ਕਰਕੇ ਕਿਸਾਨਾਂ ਦੇ ਖੇਤ ਸੁੱਕੇ ਪਏ ਹਨ, ਜਿਸ ਕਰਕੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਵਿੱਚ ਵਧੇਰੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਕਿਸਾਨ ਜਨਰੇਟਰ ਚਲਾਉਂਦਾ ਹੈ ਤਾਂ ਉਸ ਨੂੰ ਪ੍ਰਤੀ ਏਕੜ ਦੋ ਤੋਂ ਤਿੰਨ ਹਜ਼ਾਰ ਰੁਪਏ ਵਾਧੂ ਦਾ ਖ਼ਰਚਾ ਪੈਂਦਾ ਹੈ, ਜਿਸ ਨਾਲ ਉਸ ਦੀ ਲਾਗਤ ਵਿੱਚ ਵਾਧਾ ਹੋਵੇਗਾ।
ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਮੰਗ ਕੀਤੀ ਕਿ ਖੇਤੀ ਖੇਤਰ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਖੇਤੀ ਖੇਤਰ ਲਈ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਤਾਂ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।




