ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ 19 ਜੁਲਾਈ ਨੂੰ ਸ਼ੁਰੂ ਕੀਤੇ ਜਾਣ ਵਾਲੇ “ਧਰਮ ਯੁੱਧ ਮੋਰਚੇ” ਦੇ ਐਲਾਨ ਨੂੰ ਚੁੱਪ-ਚੁਪੀਤੇ ਵਾਪਸ ਲੈ ਲਿਆ ਜਾਪਦਾ ਹੈ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਪੰਜਾਬ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਕਰੀਬ ਇੱਕ ਮਹੀਨਾ ਪਹਿਲਾਂ ਐਲਾਨ ਕੀਤਾ ਸੀ ਕਿ ਅਕਾਲੀ ਦਲ 19 ਜੁਲਾਈ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਇਹ ਮੋਰਚਾ ਸ਼ੁਰੂ ਕਰੇਗਾ।
ਉਨ੍ਹਾਂ ਕਿਹਾ ਕਿ ਹਾਲਾਂਕਿ, ਹੁਣ ਜਦੋਂ ਸਿਰਫ਼ ਦੋ ਦਿਨ ਬਾਕੀ ਰਹਿ ਗਏ ਹਨ, ਪਾਰਟੀ ਨੇ ਪ੍ਰਸਤਾਵਿਤ ਪ੍ਰਦਰਸ਼ਨ ਲਈ ਨਾ ਤਾਂ ਕਿਸੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ ਅਤੇ ਨਾ ਹੀ ਕੋਈ ਤਿਆਰੀ ਕੀਤੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਇਸ ਐਲਾਨ ਦਾ ਉਦੇਸ਼ ਕੋਈ ਗੰਭੀਰ ਜਨਤਕ ਲਹਿਰ ਸ਼ੁਰੂ ਕਰਨ ਦੀ ਬਜਾਏ ਭਗਵੰਤ ਮਾਨ ਸਰਕਾਰ ਨਾਲ ਬੇਲੋੜਾ ਸਿਆਸੀ ਟਕਰਾਅ ਪੈਦਾ ਕਰਨਾ ਸੀ।
ਉਨ੍ਹਾਂ ਦਾਅਵਾ ਕੀਤਾ ਕਿ ਪ੍ਰਸਤਾਵਿਤ ਧਰਮ ਯੁੱਧ ਮੋਰਚਾ ਬਾਰੇ ਅਕਾਲੀ ਦਲ ਦੀ ਹਾਲੀਆ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਚਰਚਾ ਤੱਕ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਨੂੰ ਉਮੀਦ ਸੀ ਕਿ ਲੋਕ ਇਸ ਐਲਾਨ ਨੂੰ ਭੁੱਲ ਜਾਣਗੇ।
ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਂਦਿਆਂ, ‘ਆਪ’ ਆਗੂ ਨੇ ਦੋਸ਼ ਲਾਇਆ ਕਿ ਪਾਰਟੀ ਦਾ ਪੰਜਾਬੀਆਂ ਨੂੰ ਗੁਮਰਾਹ ਕਰਨ ਦਾ ਇਤਿਹਾਸ ਰਿਹਾ ਹੈ ਅਤੇ ਇਸ ਪਾਰਟੀ ਨੇ ਆਪਣੇ 2007 ਤੋਂ 2017 ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਨਸ਼ਿਆਂ ਦੇ ਫੈਲਣ ਦੀ ਖੁੱਲ੍ਹ ਦਿੱਤੀ।
2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਪੰਨੂ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਸਾਰੇ ਵੱਡੇ ਘਟਨਾਕ੍ਰਮ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਸਨ, ਜਿਨ੍ਹਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਚੋਰੀ, ਉਸ ਤੋਂ ਬਾਅਦ ਹੋਈਆਂ ਬੇਅਦਬੀ ਦੀਆਂ ਘਟਨਾਵਾਂ, ਬਹਿਬਲ ਕਲਾਂ ਤੇ ਕੋਟਕਪੂਰਾ ਵਿਖੇ ਪੁਲੀਸ ਫਾਇਰਿੰਗ ਅਤੇ ਸਬੂਤਾਂ ਨੂੰ ਨਸ਼ਟ ਕਰਨਾ ਸ਼ਾਮਲ ਹੈ।
ਪੰਨੂ ਨੇ ਸਵਾਲ ਕੀਤਾ ਕਿ ਜੇਕਰ ਅਕਾਲੀ ਦਲ 19 ਜੁਲਾਈ ਨੂੰ ਅੰਦੋਲਨ ਸ਼ੁਰੂ ਕਰਨ ਦਾ ਇਰਾਦਾ ਰੱਖਦਾ ਸੀ, ਤਾਂ ਉਸ ਨੇ ਪ੍ਰਸਤਾਵਿਤ “ਧਰਮ ਯੁੱਧ ਮੋਰਚੇ” ਲਈ ਆਪਣੇ ਪ੍ਰੋਗਰਾਮ, ਰਣਨੀਤੀ ਜਾਂ ਲੀਡਰਸ਼ਿਪ ਦਾ ਐਲਾਨ ਕਿਉਂ ਨਹੀਂ ਕੀਤਾ।






