ਬੌਲੀਵੁਡ ਅਦਾਕਾਰਾ ਭੂਮੀ ਪੇਡਨੇਕਰ ਨਵੀਂ ਦਿੱਲੀ ਦੇ ਜੰਤਰ-ਮੰਤਰ ‘ਤੇ ਮਹੀਨੇ ਤੋਂ ਵੱਧ ਸਮੇਂ ਤੱਕ ਚੱਲੇ ‘ਨੀਟ-ਯੂਜੀ 2026’ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਵਰਤੀ ਗਈ ਕਥਿਤ ਅਸ਼ਲੀਲ ਸ਼ਬਦਾਵਲੀ ’ਤੇ ਪ੍ਰਤੀਕਿਰਿਆ ਦੇ ਕੇ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਸਾਂਝੀ ਕਰਦਿਆਂ ਨੌਜਵਾਨਾਂ ਨੂੰ ਗਲ਼ਤ ਭਾਸ਼ਾ ਦੀ ਵਰਤੋਂ ਕੀਤੇ ਬਿਨਾਂ ਆਪਣਾ ਰੋਸ ਪ੍ਰਗਟਾਉਣ ਦੀ ਸਲਾਹ ਦਿੱਤੀ ਸੀ। ਹਾਲਾਂਕਿ, ਇਸ ਟਿੱਪਣੀ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ ਯੂਜ਼ਰਾਂ ਨੇ ਅਦਾਕਾਰਾ ਨੂੰ ਪੁੱਛਿਆ ਕਿ 20 ਜੁਲਾਈ ਨੂੰ ਸੰਸਦ ਮਾਰਚ ਦੌਰਾਨ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ, ਕੁੱਟਮਾਰ ਅਤੇ ਪੁਲੀਸ ਹਿੰਸਾ ’ਤੇ ਉਨ੍ਹਾਂ ਨੇ ਚੁੱਪੀ ਕਿਉਂ ਧਾਰੀ ਰੱਖੀ। ਇਸ ਕਾਰਨ ਅਦਾਕਾਰਾ ਨੂੰ ਭਾਰੀ ਔਨਲਾਈਨ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕ ਉਨ੍ਹਾਂ ਦੇ ਬਿਆਨ ਨੂੰ ‘ਚੋਣਵਾਂ’ ਅਤੇ ਹਕੀਕਤ ਤੋਂ ਦੂਰ ਦੱਸ ਰਹੇ ਹਨ।
ਭੂਮੀ ਪੇਡਨੇਕਰ ਦਾ ਬਿਆਨ
ਅਦਾਕਾਰਾ ਭੂਮੀ ਪੇਡਨੇਕਰ ਨੇ ਆਪਣੇ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਪੋਸਟ ਕਰਕੇ ਵਾਇਰਲ ਵੀਡੀਓਜ਼ ਵਿੱਚ ਵਰਤੀ ਗਈ ਭਾਸ਼ਾ ’ਤੇ ਚਿੰਤਾ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਰਗੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਲਈ ਅਜਿਹੀ ਭਾਸ਼ਾ ਦੀ ਵਰਤੋਂ ਭਾਰਤੀ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਸਹਿਮਤੀ ਪ੍ਰਗਟਾਉਂਦੇ ਹੋਏ ਵੀ ਸ਼ਿਸ਼ਟਾਚਾਰ ਬਣਾਏ ਰੱਖਣ। ਵੀਡੀਓ ਵਿੱਚ ਉਨ੍ਹਾਂ ਕਿਹਾ, “ਸਾਡੇ ਦੇਸ਼ ਦੇ ਨੌਜਵਾਨ ਜਿਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਕਰ ਰਹੇ ਹਨ, ਅਸੀਂ ਇਸ ਤਰ੍ਹਾਂ ਗੱਲ ਨਹੀਂ ਕਰਦੇ। ਅਸੀਂ ਉਸ ਵਿਅਕਤੀ ਬਾਰੇ ਗੱਲ ਕਰ ਰਹੇ ਹਾਂ ਜੋ ਦੇਸ਼ ਦੇ ਸਭ ਤੋਂ ਉੱਚੇ ਅਹੁਦੇ ’ਤੇ ਬੈਠਾ ਹੈ।”
ਉਨ੍ਹਾਂ ਪਰਿਵਾਰਕ ਮਰਿਆਦਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਇਨ੍ਹਾਂ ਮੁੱਲਾਂ ਤੋਂ ਦੂਰ ਹੋ ਜਾਵਾਂਗੇ ਤਾਂ ਸਾਰਥਕ ਗੱਲਬਾਤ ਅਸੰਭਵ ਹੋ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਵਿੱਚ ਏਕਤਾ, ਲਿੰਗ ਆਧਾਰਿਤ ਹਿੰਸਾ ਅਤੇ ਸਿੱਖਿਆ ਵਰਗੇ ਅਹਿਮ ਮੁੱਦਿਆਂ ’ਤੇ ਸਨਮਾਨਜਨਕ ਢੰਗ ਨਾਲ ਚਰਚਾ ਕਰਨ ਦੀ ਅਪੀਲ ਵੀ ਕੀਤੀ।
ਅਦਾਕਾਰਾ ਦੀ ਇਸ ਨਸੀਹਤ ਤੋਂ ਬਾਅਦ ਇੰਟਰਨੈੱਟ ’ਤੇ ਲੋਕਾਂ ਦਾ ਗੁੱਸਾ ਭੜਕ ਗਿਆ। ਕਈ ਵਰਤੋਂਕਾਰਾਂ ਨੇ ਦੋਸ਼ ਲਾਇਆ ਕਿ ਭੂਮੀ ਨੇ ਵਿਦਿਆਰਥੀਆਂ ਦੀ ਭਾਸ਼ਾ ਦੀ ਤਾਂ ਨਿੰਦਾ ਕੀਤੀ ਪਰ ਪੁਲੀਸ ਕਾਰਵਾਈ ਵਿੱਚ ਜ਼ਖਮੀ ਹੋਏ ਨੌਜਵਾਨਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਨਹੀਂ ਬੋਲਿਆ। ਇੱਕ ਇੰਸਟਾਗ੍ਰਾਮ ਯੂਜ਼ਰ ਨੇ ਲਿਖਿਆ, “ਕਿਸੇ ਦੀ ਭਾਸ਼ਾ ਦੀ ਨਿੰਦਾ ਕਰਨਾ ਅਤੇ ਉਸ ਨਾਲ ਹੋਈ ਬੇਰਹਿਮ ਹਿੰਸਾ ’ਤੇ ਚੁੱਪ ਰਹਿਣਾ ਤੁਹਾਡੀ ਚੋਣਵੀਂ ਮਾਨਸਿਕਤਾ ਨੂੰ ਦਰਸਾਉਂਦਾ ਹੈ।” ਇੱਕ ਹੋਰ ਪ੍ਰਤੀਕਿਰਿਆ ਵਿੱਚ ਲਿਖਿਆ ਗਿਆ, “ਏਸੀ ਗੱਡੀਆਂ ਵਿੱਚ ਬੈਠ ਕੇ ਅਤੇ ਮੇਕਅੱਪ ਕਰਕੇ ਗਿਆਨ ਵੰਡਣਾ ਬਹੁਤ ਸੌਖਾ ਹੈ।” ਕਈ ਵਰਤੋਂਕਾਰਾਂ ਨੇ ਇਹ ਵੀ ਸਵਾਲ ਕੀਤਾ ਕਿ ਕੀ ਅਦਾਕਾਰਾ ਨੇ ਸੱਤਾ ਵਿੱਚ ਬੈਠੇ ਲੋਕਾਂ ਤੋਂ ਇਹ ਪੁੱਛਣ ਦੀ ਹਿੰਮਤ ਕੀਤੀ ਕਿ ਵਿਦਿਆਰਥੀਆਂ ਨੂੰ ਸੜਕਾਂ ‘ਤੇ ਆਉਣ ਲਈ ਮਜਬੂਰ ਕਿਉਂ ਹੋਣਾ ਪਿਆ।
ਕੀ ਸੀ ਵਿਵਾਦ?
ਇਹ ਪੂਰਾ ਮਾਮਲਾ “ਨੀਟ-ਯੂਜੀ 2026” ਦੇ ਪੇਪਰ ਲੀਕ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਨਾਲ ਜੁੜਿਆ ਹੋਇਆ ਹੈ। ਕੌਕਰੋਚ ਜਨਤਾ ਪਾਰਟੀ (CJP) ਦੀ ਅਗਵਾਈ ਹੇਠ ਹਜ਼ਾਰਾਂ ਵਿਦਿਆਰਥੀ ਦਿੱਲੀ ਦੇ ਜੰਤਰ-ਮੰਤਰ ’ਤੇ ਇਕੱਠੇ ਹੋਏ ਸਨ, ਜੋ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਤੋਂ ਬਾਅਦ ਵੀ ਸੁਧਾਰਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਰਿਹਾ। 20 ਜੁਲਾਈ ਨੂੰ ਜਦੋਂ ਪ੍ਰਦਰਸ਼ਨਕਾਰੀਆਂ ਨੇ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਪੁਲੀਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਵਾਇਰਲ ਵੀਡੀਓਜ਼ ਵਿੱਚ ਸਾਦੇ ਕੱਪੜਿਆਂ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਕੁੱਟਮਾਰ ਹੁੰਦੀ ਦੇਖੀ ਗਈ, ਜਿਸ ਨਾਲ ਲੋਕਾਂ ਵਿੱਚ ਭਾਰੀ ਰੋਸ ਫੈਲ ਗਿਆ। ਦੂਜੇ ਪਾਸੇ, ਕੁਝ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਵੱਖ-ਵੱਖ ਸੂਬਿਆਂ ਵਿੱਚ ਐੱਫ.ਆਈ.ਆਰ. ਦਰਜ ਹੋਣ ਦੇ ਮਾਮਲੇ ਵੀ ਸਾਹਮਣੇ ਆਏ ਹਨ।






