ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਕਲੈਰੀਕਲ ਅਮਲਾ ਅੱਜ ਤੋਂ ਤਿੰਨ ਦਿਨਾਂ ਦੀ ਹੜਤਾਲ ’ਤੇ ਚਲਾ ਗਿਆ ਹੈ। ਇਸ ਹੜਤਾਲ ਨਾਲ ਆਮ ਕੰਮਾਂ-ਕਾਰਾਂ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਤਿੰਨ ਰੋਜ਼ਾ ਹੜਤਾਲ ਤੋਂ ਬਾਅਦ ਅੱਗੇ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਛੁੱਟੀ ਹੋਣ ਕਾਰਨ ਕੋਈ ਵੀ ਵਿਭਾਗੀ ਕੰਮ ਨਹੀਂ ਹੋਵੇਗਾ। ਉੱਥੇ ਹੀ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਕੰਮ-ਕਾਜ ਠੱਪ ਕਰਕੇ ਦਫ਼ਤਰੀ ਬਾਬੂਆਂ ਨੇ ਹੜਤਾਲ ਦੀ ਸਮੀਖਿਆ ਕੀਤੀ।
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਮਾਨਸਾ ਦੇ ਸਮੁੱਚੇ ਸਰਕਾਰੀ ਵਿਭਾਗਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ ਅਤੇ ਭਲਕੇ 6 ਅਗਸਤ ਨੂੰ ਵੀ ਇਹ ਮੁਕੰਮਲ ਹੜਤਾਲ ਅਤੇ ਬੰਦ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਉਲੀਕੀ ਗਈ ’ਸੂਬਾ ਪੱਧਰੀ ਮਹਾਂ-ਰੈਲੀ’ ਦੀਆਂ ਤਿਆਰੀਆਂ ਦਾ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਮਾਨਸਾ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਨਿਸਟਰੀਅਲ ਸਟਾਫ਼ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ।
ਯੂਨੀਅਨ ਆਗੂਆਂ ਨੇ ਆਖਿਆ ਕਿ ਸਰਕਾਰ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ, ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਬਕਾਇਆ ਡੀ ਏ ਦੀਆਂ ਕਿਸ਼ਤਾਂ ਜਾਰੀ ਕਰਨਾ, ਅਤੇ ਪੇ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨਾ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਇਸ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ 7 ਅਗਸਤ ਨੂੰ ਚੰਡੀਗੜ੍ਹ ਦੀ ਧਰਤੀ ’ਤੇ ਇਤਿਹਾਸਕ ਇਕੱਠ ਕਰਕੇ ਸਰਕਾਰ ਵਿਰੁੱਧ ਆਰ-ਪਾਰ ਦਾ ਮੋਰਚਾ ਖੋਲ੍ਹਿਆ ਜਾਵੇਗਾ।






