Mansa Jail Bharo: ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਅੱਜ ਇਥੇ ਜੇਲ੍ਹ ਭਰੋ ਅੰਦੋਲਨ ਦੌਰਾਨ ਕਿਸਾਨਾਂ-ਮਜ਼ਦੂਰਾਂ ਨੇ ਰੈਲੀ ਕੀਤੀ ਤੇ ਮਾਨਸਾ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਕਚਹਿਰੀਆਂ ਵਿੱਚ ਪੁਲੀਸ ਦੀਆਂ ਰੋਕਾਂ ਤੋੜ ਕੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਪੁੱਜ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਕਿਸਾਨਾਂ ਅਤੇ ਪੁਲੀਸ ਵਿਚਕਾਰ ਹੋਈ ਧੱਕਾ-ਮੁੱਕੀ ਹੋਈ ਅਤੇ ਮਾਹੌਲ ਤਣਾਅਪੂਰਨ ਬਣ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਧਰਨੇ ਵਿੱਚ ਆ ਕੇ ਮੰਗ ਪੱਤਰ ਪ੍ਰਾਪਤ ਕੀਤਾ।
ਇਸ ਤੋਂ ਪਹਿਲਾਂ ਇਥੇ ਮਾਲ ਗੁਦਾਮ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਅੱਜ ਮੋਦੀ ਸਰਕਾਰ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਨਵੇਂ ਰੂਪ ਵਿੱਚ ਦੇਸ਼ ਦੇ ਸਰੋਤਾਂ ਦੀ ਲੁੱਟ ਕਰਨ ਦੀ ਖੁੱਲ੍ਹ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਖੇਤੀ ਵਿਚੋਂ ਬਾਹਰ ਕੱਢ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਇਕੱਲਾ ਕਿਸਾਨ ਹੀ ਆਰਥਿਕ ਤੌਰ ’ਤੇ ਪ੍ਰਭਾਵਿਤ ਨਹੀਂ ਹੋਵੇਗਾ, ਸਗੋਂ ਇਸ ਨਾਲ ਜੁੜੇ ਸਾਰੇ ਵਰਗਾਂ ਨੂੰ ਇਸ ਦੀ ਮਾਰ ਝੱਲਣੀ ਪਵੇਗੀ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਕਾਰਨ ਖੇਤੀ, ਡੇਅਰੀ ਫਾਰਮਿੰਗ ਅਤੇ ਪੋਲਟਰੀ ਫਾਰਮਿੰਗ ਤਬਾਹ ਹੋ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਇਹ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮਜ਼ਦੂਰ ਵਿਰੋਧੀ ਕਾਨੂੰਨ ਵਾਪਸ ਲਏ ਜਾਣ, ਕੱਚੇ ਕਾਮਿਆਂ ਲਈ ਸਥਾਈ ਰੁਜ਼ਗਾਰ ਦਾ ਪ੍ਰਬੰਧ, ਦਿਨ-ਬ-ਦਿਨ ਵੱਧ ਰਹੀ ਬੇਲਗਾਮ ਮਹਿੰਗਾਈ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨਕ ਹੱਕਾਂ ’ਤੇ ਹੋ ਰਹੇ ਹਮਲਿਆਂ ਨੂੰ ਬੰਦ ਕੀਤਾ ਜਾਵੇ।
ਇਸ ਮੌਕੇ ਕਾਮਰੇਡ ਰਾਜਵਿੰਦਰ ਰਾਣਾ, ਰਾਮ ਸਿੰਘ ਭੈਣੀਬਾਘਾ, ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ, ਐਡਵੋਕੇਟ ਕੁਲਵਿੰਦਰ ਉੱਡਤ, ਗੁਰਨਾਮ ਸਿੰਘ ਭੀਖੀ, ਨਿਰਮਲ ਸਿੰਘ ਝੰਡੂਕੇ, ਲਖਵੀਰ ਅਕਲੀਆਂ, ਰਣਜੀਤ ਕੌਰ ਬਰੇਟਾ, ਗਗਨਦੀਪ ਕੌਰ ਬਰੇਟਾ, ਅਮਰੀਕ ਸਿੰਘ ਫਫੜੇ ਭਾਈਕੇ, ਛਿੰਦਰ ਸਿੰਘ ਸਰਦੂਲਗੜ੍ਹ, ਭਜਨ ਸਿੰਘ ਘੁੰਮਣ, ਕਿ੍ਰਸ਼ਨ ਚੌਹਾਨ, ਧੰਨਾ ਮੱਲ ਗੋਇਲ, ਗੁਰਸੇਵਕ ਮਾਨ, ਜੋਤੀ ਸਿੰਗਲਾ ਨੇ ਵੀ ਸੰਬੋਧਨ ਕੀਤਾ।
ਕੈਪਸ਼ਨ: ਮਾਨਸਾ ’ਚ ਪੁਲੀਸ ਦੀਆਂ ਰੋਕਾਂ ਨੂੰ ਤੋੜਕੇ ਅੱਗੇ ਵੱਧਦੇ ਵੱਖ-ਵੱਖ ਧਿਰਾਂ ਦੇ ਆਗੂ।
ਕੈਪਸ਼ਨ: ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ ਪ੍ਰਦਰਸ਼ਨਕਾਰੀ।





