Punjab Congress Crisis: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਗੁੱਟਬਾਜ਼ੀ ਦਰਮਿਆਨ ਹੁਣ ਚੰਨੀ-ਵੜਿੰਗ ਧੜੇ ਤੋਂ ਬਾਅਦ ਪਾਰਟੀ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਦਰਜਨ ਤੋਂ ਜ਼ਿਆਦਾ ਕਾਂਗਰਸੀ ਵਿਧਾਇਕਾਂ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦਾ ਫੈਸਲਾ ਲਿਆ ਹੈ। ਇਸ ਤੋਂ ਬਾਅਦ ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਉਨ੍ਹਾਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ।
ਜਾਣਕਾਰੀ ਅਨੁਸਾਰ ਵਿਧਾਇਕ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਅਤੇ ਪਾਰਟੀ ਦੇ ਆਗੂਆਂ ਵਿਚਕਾਰ ਚੱਲ ਰਹੇ ਵਿਵਾਦ ਨੂੰ ਲੈ ਕੇ ਰਾਹੁਲ ਗਾਂਧੀ ਦੇ ਸਾਹਮਣੇ ਆਪਣੀ ਗੱਲ ਰੱਖਣਾ ਚਾਹੁੰਦੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਪ੍ਰਤਾਪ ਸਿੰਘ ਬਾਜਵਾ ਦਿੱਲੀ ਪਹੁੰਚ ਗਏ ਹਨ। ਅਜਿਹੇ ਵਿੱਚ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਵਿੱਚ ਇਸ ਘਟਨਾਕ੍ਰਮ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ 6 ਜੁਲਾਈ ਨੂੰ ਚੰਡੀਗੜ੍ਹ ਪਹੁੰਚੇ ਸਨ। ਉਨ੍ਹਾਂ ਨੇ ਪ੍ਰਤਾਪ ਸਿੰਘ ਬਾਜਵਾ ਦੇ ਸਰਕਾਰੀ ਨਿਵਾਸ ’ਤੇ ਜਾ ਕੇ ਉਨ੍ਹਾਂ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਰਾਜਾ ਵੜਿੰਗ ਅਤੇ ਚੰਨੀ ਧੜੇ ਦੇ ਬਾਗੀ ਆਗੂ ਮੌਜੂਦ ਨਹੀਂ ਸਨ।
ਪੰਜਾਬ ਦੇ ਵਿਧਾਇਕਾਂ ਨੇ ਕਿਹਾ ਕਿ ਕਾਫੀ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੇ ਆਗੂਆਂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਨਹੀਂ ਹੋਈ ਹੈ। ਵਿਧਾਇਕਾਂ ਦੀ ਰਾਏ ਸੀ ਕਿ ਮੌਜੂਦਾ ਹਾਲਾਤ ਨੂੰ ਲੈ ਕੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਜਾਵੇ। ਪਾਰਟੀ ਵਿੱਚ ਆਗੂਆਂ ਵਿਚਕਾਰ ਜੋ ਮਤਭੇਦ ਹਨ, ਉਨ੍ਹਾਂ ਬਾਰੇ ਰਾਹੁਲ ਗਾਂਧੀ ਨੂੰ ਜਾਣੂ ਕਰਵਾਇਆ ਜਾਵੇਗਾ।ਗੁਪਤ ਮੀਟਿੰਗਾਂ ਨਾਲ ਕੋਈ ਫਰਕ ਨਹੀਂ ਪੈਣਾ: ਕਾਂਗਰਸੀ ਆਗੂ
ਦੂਜੇ ਪਾਸੇ ਵੜਿੰਗ ਨਾਲ ਜੁੜੇ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਮੀਟਿੰਗਾਂ ਨਾਲ ਹੁਣ ਕੋਈ ਫਰਕ ਨਹੀਂ ਪੈਣਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਈ ਵਿਧਾਇਕਾਂ ਨੇ ਬੀਤੇ ਦਿਨੀਂ ਚੰਡੀਗੜ੍ਹ ਵਿਚ ਮੀਟਿੰਗ ਕੀਤੀ ਤੇ ਰਾਹੁਲ ਗਾਂਧੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ ਪਰ ਹਾਈ ਕਮਾਂਡ ਨੇ ਰਾਜਾ ਵੜਿੰਗ ਵਿਚ ਭਰੋਸਾ ਪ੍ਰਗਟਾਇਆ ਹੈ ਤੇ ਰਾਜਾ ਵੜਿੰਗ ਪਾਰਟੀ ਲਈ ਦਿਨ ਰਾਤ ਕੰਮ ਕਰ ਰਹੇ ਹਨ।






