Akali Dal Ardas: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਨੂੰ ਅਰਦਾਸ ਦਿਵਸ ਵਜੋਂ ਮਨਾਇਆ ਗਿਆ। ਸਮੁੱਚੀ ਲੀਡਰਸ਼ਿਪ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੰਥ, ਪੰਜਾਬ ਅਤੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ।
ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥ ਦੀ ਖੇਤਰੀ ਪਾਰਟੀ ਵਜੋਂ 1920 ਨੂੰ ਹੋਂਦ ਵਿੱਚ ਆਇਆ ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਪਿਛਲੇ ਸਾਲ 11 ਅਗਸਤ ਨੂੰ ਪੁਨਰ ਸੁਰਜੀਤ ਕੀਤਾ ਗਿਆ ਸੀ ਜੋ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਪੰਥਕ ਭਾਵਨਾ ਮੁਤਾਬਕ ਕੰਮ ਕਰ ਰਿਹਾ ਹੈ। ਇਸ ਦੀ ਪਹਿਲੀ ਵਰ੍ਹੇਗੰਢ ਮੌਕੇ ਕੀਤੀ ਗਈ ਅਰਦਾਸ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਕੀਤੀ ਗਈ ਹੈ। ਬੰਦੀ ਸਿੰਘ ਆਪਣੀ ਕੈਦ ਨਾਲੋਂ ਦੁੱਗਣੀ ਸਜ਼ਾ ਭੁਗਤ ਕੇ ਵੀ ਜੇਲ੍ਹਾਂ ਵਿੱਚ ਬੈਠੇ ਹਨ।
ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ 31 ਸਾਲ ਤੋਂ ਜੇਲ੍ਹ ਵਿੱਚ ਹਨ। ਇਸ ਤੋਂ ਇਲਾਵਾ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਆਪਣੀ ਉਮਰ ਦੇ ਆਖਰੀ ਪੜਾਅ ਵਿਚ ਹਨ ਪਰ ਉਹਨਾਂ ਨੂੰ ਮਿਲਣ ਵਾਸਤੇ ਉਸ ਨੂੰ ਪੈਰੋਲ ਤੱਕ ਨਹੀ ਦਿੱਤੀ ਜਾ ਰਹੀ। ਇਸ ਲਈ ਜਦੋਂ ਸਰਕਾਰਾਂ ਨੇ ਗੱਲ ਸੁਣਨੀ ਬੰਦ ਕਰ ਦਿੱਤੀ ਹੈ ਤਾਂ ਉਨ੍ਹਾਂ ਬੰਦੀ ਛੋੜ ਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਸਿੰਘਾਂ ਦੀ ਬੰਦ ਖਲਾਸੀ ਕਰੋ ਤਾਂ ਕਿ ਉਹ ਪੰਥ ਵਿੱਚ ਖੁਲ੍ਹੇਆਮ ਵਿਚਰ ਸਕਣ।
ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ 15 ਅਗਸਤ ਨੂੰ ਉਲੀਕੇ ਗਏ ਰਾਜਪਾਲ ਦੇ ਘਿਰਾਓ ਵਾਲੇ ਪ੍ਰੋਗਰਾਮ ਵਿੱਚ ਜਥੇਬੰਦੀ ਵੱਧ ਚੜ੍ਹ ਕੇ ਭਾਗ ਲਵੇਗੀ। ਇਸ ਤੋਂ ਬਾਦ ਪਾਰਟੀ ਦਫਤਰ ਵਿੱਚ ਸਾਰੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਸਾਲ ਤੋਂ ਪਾਰਟੀ ਸੰਗਠਨ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਪੰਥ ਦੀ ਇਸ ਖੇਤਰੀ ਪਾਰਟੀ ਲਈ ਹੋਰ ਵੀ ਚੰਗੀ ਤਰ੍ਹਾਂ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਨਾਲ ਪੁਨਰ ਸੁਰਜੀਤ ਹੋਇਆ ਅਕਾਲੀ ਦਲ ਪਹਿਲਾਂ ਵਾਂਗ ਲੋਕਾਂ ਦੀ ਹਰਮਨ ਪਿਆਰੀ ਜਥੇਬੰਦੀ ਬਣਿਆ ਰਹੇ।
ਮੀਟਿੰਗ ਵਿੱਚ 20 ਅਗਸਤ ਨੂੰ ਆ ਰਹੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਵਿਸ਼ਾਲ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਗਿਆ। ਜਿਸ ਲਈ ਪਰਮਿੰਦਰ ਸਿੰਘ ਢੀਂਡਸਾ, ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਰੇ ਜਿਲਾ ਸੰਗਰੂਰ ਦੇ ਆਗੂ ਲਗਾਤਾਰ ਮੀਟਿੰਗਾਂ ਕਰ ਰਹੇ ਹਨ ਅਤੇ ਵਰਕਰਾਂ ਨੂੰ ਦਿਨ ਰਾਤ ਮਿਹਨਤ ਕਰਨ ਲਈ ਕਿਹਾ ਗਿਆ।
ਅੱਜ ਦੀ ਇਸ ਮੀਟਿੰਗ ਵਿੱਚ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਭਾਈ ਮਨਜੀਤ ਸਿੰਘ, ਗੋਬਿੰਦ ਸਿੰਘ ਲੌਂਗੋਵਾਲ, ਗੁਰਜੀਤ ਸਿੰਘ ਤਲਵੰਡੀ, ਅਜੈਪਾਲ ਸਿੰਘ ਮੀਰਾਂਕੋਟ, ਕਰਨੈਲ ਸਿੰਘ ਪੀਰਮੁਹੰਮਦ, ਭੁਪਿੰਦਰ ਸਿੰਘ ਸ਼ੇਖੂਪੁਰ, ਜਸਵੰਤ ਸਿੰਘ ਪੁੜੈਣ, ਰਾਮਪਾਲ ਸਿੰਘ ਬਹਿਣੀਵਾਲ, ਭਜਨ ਸਿੰਘ ਸ਼ੇਰਗਿੱਲ, ਦਵਿੰਦਰ ਸਿੰਘ ਸੋਢੀ, ਚਰਨਜੀਤ ਸਿੰਘ ਮਾਵੀ, ਜਗਜੀਤ ਸਿੰਘ ਕੋਹਲੀ, ਤੇਜਿੰਦਰ ਸਿੰਘ ਪੰਨੂੰ, ਦਲਜਿੰਦਰਬੀਰ ਸਿੰਘ ਵਿਰਕ, ਮਨਿੰਦਰ ਸਿੰਘ ਧੁੰਨਾ ਆਦਿ ਹਾਜ਼ਰ ਸਨ।






