Punjab Employee Strike: ਪੰਜਾਬ ਵਿੱਚ ਅੱਜ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਖ਼ਤ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰ ਨੇ ਬਿਨਾਂ ਕਿਸੇ ਮਨਜ਼ੂਰੀ ਦੇ ਆਪਣੀ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਸਾਰੇ ਮੁਲਾਜ਼ਮਾਂ ਦੀ ਪੂਰੀ ਸੂਚੀ ਮੰਗ ਲਈ ਹੈ। ਇਸ ਲਈ ਸੈਕਟਰੀ ਪੱਧਰ ਦੇ ਅਧਿਕਾਰੀਆਂ ਨੂੰ ਅੱਜ ਤਕ ਦਾ ਸਮਾਂ ਦਿੱਤਾ ਗਿਆ ਹੈ ਤਾਂ ਕਿ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਸਰਕਾਰ ਇਨ੍ਹਾਂ ਸਾਰੇ ਮੁਲਾਜ਼ਮਾਂ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਕਰੇਗੀ।
ਇਸ ਦੌਰਾਨ ਸਰਕਾਰ ਦਾ ਤਰਕ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਹੜਤਾਲ ਕਰ ਕੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸਰਕਾਰੀ ਕੰਮ-ਕਾਜ ਵਿੱਚ ਵੀ ਰੁਕਾਵਟ ਆਈ ਹੈ। ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਹੁਣ ਇਨ੍ਹਾਂ ਮੁਲਾਜ਼ਮਾਂ ਵਿਰੁੱਧ ਸਖ਼ਤ ਕਦਮ ਚੁੱਕਣ ਜਾ ਰਹੀ ਹੈ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਦਾ ਸੁਨੇਹਾ ਮਿਲਣ ਤੋਂ ਬਾਅਦ ਮੁਲਾਜ਼ਮ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਗਏ ਪਰ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਲਣ ਲਈ ਸਮਾਂ ਨਹੀਂ ਦਿੱਤਾ। ਦੂਜੇ ਪਾਸੇ ਮੁਲਾਜ਼ਮਾਂ ਨੇ ਰੋਸ ਪ੍ਰਗਟਾਇਆ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ ਤੇ ਅਦਾਲਤ ਵਲੋਂ ਫੈਸਲਾ ਦਿੱਤੇ ਜਾਣ ਤੋਂ ਬਾਅਦ ਵੀ ਮੁਲਾਜ਼ਮ ਪੱਖੀ ਗੱਲਬਾਤ ਨਹੀਂ ਕੀਤੀ ਜਾ ਰਹੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਹੜਤਾਲ ’ਤੇ ਗਏ ਮੁਲਾਜ਼ਮਾਂ ਨੂੰ ਸਖਤ ਸੁਨੇਹਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੜਤਾਲ ਖਤਮ ਕਰਨ ਤੋਂ ਬਾਅਦ ਹੀ ਹੀ ਗੱਲਬਾਤ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਉੱਤੇ ਟਵੀਟ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ, “ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ… ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ… ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…।’’
ਦੂਜੇ ਪਾਸੇ ਪੰਜਾਬ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਅਤੇ ਫਰੰਟ ਵੱਲੋਂ ਦਿੱਤੇ ਸੱਦੇ ਮੁਤਾਬਕ ਅੱਜ ਸੂਬੇ ਦੇ ਸਰਕਾਰੀ ਦਫਤਰ ਮੁਕੰਮਲ ਬੰਦ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਦਫਤਰਾਂ ਵਿੱਚ ਰੋਸ ਰੈਲੀਆਂ ਕਰਕੇ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।






