ਕਿਸਾਨ ਮਜ਼ਦੂਰ ਮੋਰਚਾ ਪੰਜਾਬ ਨੇ ਜਥੇਬੰਦੀ ਦੀਆਂ ਮੰਗਾਂ ਨੂੰ ਸਰਕਾਰ ਵੱਲੋਂ ਅਣਗੋਲਿਆ ਕੀਤੇ ਜਾਣ ਤੇ ਭਲਕੇ 17 ਸਤੰਬਰ ਨੂੰ ਪੰਜਾਬ ਵਿੱਚ ਪੰਜ ਥਾਵਾਂ ਤੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਸਰਕਾਰ ਨੂੰ ਭਲਕੇ 17 ਸਤੰਬਰ 12 ਵਜੇ ਤੱਕ ਮੰਗਾਂ ਬਾਰੇ ਵਿਚਾਰ ਕਰਨ ਦਾ ਅਲਟੀਮੇਟਮ ਦਿੱਤਾ ਹੈ। ਜਿਸ ਤੋਂ ਬਾਅਦ ਜਥੇਬੰਦੀ ਵੱਲੋਂ ਰੇਲਾਂ ਰੋਕੀਆਂ ਜਾਣਗੀਆਂ।
ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਅਹਿਮ ਮੀਟਿੰਗ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਮੁੱਖ ਦਫ਼ਤਰ ਚੱਬਾ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੋਰਚੇ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਸਰਵਣ ਸਿੰਘ ਪੰਧੇਰ, ਬਲਦੇਵ ਸਿੰਘ ਜੀਰਾ, ਬਲਵੰਤ ਸਿੰਘ ਬਹਿਰਾਮਕੇ, ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਰਾਏ, ਅਮਰਜੀਤ ਸਿੰਘ ਮੋੜੀ, ਗੁਰਅਮਨੀਤ ਸਿੰਘ ਮਾਂਗਟ ਅਤੇ ਓਂਕਾਰ ਸਿੰਘ ਪੁਰਾਣਾ ਭੰਗਾਲਾ ਨੇ ਪੰਜਾਬ ਸਰਕਾਰ ਦੇ ਰਵੱਈਏ ਖ਼ਿਲਾਫ਼ ਜਥੇਬੰਦੀ ਦੇ ਅਗਲੇ ਸੰਘਰਸ਼ ਦਾ ਐਲਾਨ ਕੀਤਾ।
ਆਗੂਆਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚਾ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਸਰਕਾਰ ਦੇ ਨੌਂ ਮੰਤਰੀਆਂ ਦੇ ਘਰਾਂ ਅੱਗੇ ਆਪਣੇ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਮੋਰਚੇ ਲਗਾ ਕੇ ਬੈਠਾ ਹੈ, ਪਰ ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮੋਰਚੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਅਤੇ ਮੰਗ ਪੱਤਰ ਭੇਜ ਕੇ ਮੰਗਾਂ ਦੇ ਹੱਲ ਲਈ ਸਰਕਾਰ ਨਾਲ ਬੈਠ ਕੇ ਗੱਲਬਾਤ ਕਰਨ ਦੀ ਮੰਗ ਕੀਤੀ ਗਈ ਸੀ, ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਗੱਲ ਨਹੀਂ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਰਵੱਈਏ ਨੂੰ ਦੇਖਦਿਆਂ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਨੇ ਸਰਕਾਰ ਨੂੰ 17 ਸਤੰਬਰ ਨੂੰ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਹੈ ਕਿ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦਾ ਠੋਸ ਹੱਲ ਲੱਭੇ। ਜੇਕਰ ਸਰਕਾਰ ਵੱਲੋਂ ਇਸ ਸਮੇਂ ਤੱਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 17 ਸਤੰਬਰ ਨੂੰ ਦੁਪਹਿਰ 12 ਵਜੇ ਪੰਜਾਬ ਦੀਆਂ ਪੰਜ ਥਾਵਾਂ ’ਤੇ ਰੇਲ ਆਵਾਜਾਈ ਰੋਕੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਰੇਲ ਰੋਕੋ ਪ੍ਰੋਗਰਾਮ ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ, ਸੰਗਰੂਰ-ਸੁਨਾਮ, ਗੁਰਦਾਸਪੁਰ, ਮੋਗਾ ਅਤੇ ਫਿਰੋਜ਼ਪੁਰ ਵਿਖੇ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਥਾਵਾਂ ਤੇ ਵੀ ਰੇਲਾਂ ਰੋਕੀਆਂ ਜਾਣਗੀਆਂ।
ਮੋਰਚੇ ਦੇ ਆਗੂਆਂ ਨੇ ਕਿਹਾ ਕਿ 18 ਸਤੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਦੀ ਅਗਲੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਸਰਕਾਰ ਦੇ ਰਵੱਈਏ ਦਾ ਜਾਇਜ਼ਾ ਲੈਂਦਿਆਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ।
ਉਨਾਂ ਦੱਸਿਆ ਕਿ ਅੱਜ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਲੱਗੇ ਮੋਰਚਿਆਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਦੇ ਵਿਸ਼ਾਲ ਇਕੱਠ ਹੋਏ ਸਨ। ਸ਼ਾਮ ਸਮੇਂ ਸਾਰੇ ਮੋਰਚਿਆਂ ’ਤੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਵੱਲੋਂ ਰੋਸ ਮਾਰਚ ਵੀ ਕੀਤੇ ਗਏ।
ਅੰਮ੍ਰਿਤਸਰ ਵਿੱਚ ਹਰਭਜਨ ਸਿੰਘ ਈਟੀਓ ਦੇ ਨਿਊ ਅੰਮ੍ਰਿਤਸਰ ਸਥਿਤ ਘਰ ਅੱਗੇ ਲੱਗਾ ਮੋਰਚਾ ਹੁਣ ਦੇਵੀਦਾਸਪੁਰਾ ਰੇਲਵੇ ਟਰੈਕ ਦੇ ਨੇੜੇ ਤਬਦੀਲ ਕਰ ਦਿੱਤਾ ਗਿਆ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੀ ਬਜਾਏ ਮੋਰਚੇ ਨਾਲ ਗੱਲਬਾਤ ਕਰਕੇ ਮੰਗਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ।






