ਕਾਊਂਟਰ ਇੰਟੈਲੀਜੈਂਸ (ਸੀ ਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦੇ ਮੁੱਖ ਕਾਰਕੁਨ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਦਿੱਤੀ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਾਸੀ ਪਿੰਡ ਜਠੌਲ (ਅੰਮ੍ਰਿਤਸਰ) ਵਜੋਂ ਹੋਈ ਹੈ।
ਇਹ ਕਾਰਵਾਈ ਸੀ ਆਈ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਗਿਰੋਹ ਦੇ ਚਾਰ ਵਿਅਕਤੀਆਂ (ਜਿਨ੍ਹਾਂ ਕੋਲੋਂ 27 ਕਿਲੋ ਹੈਰੋਇਨ ਅਤੇ ਇੱਕ ਵਿਦੇਸ਼ੀ ਆਧੁਨਿਕ .30 ਬੋਰ ਪੀ.ਐਕਸ.-5 ਪਿਸਤੌਲ ਸਮੇਤ ਤਿੰਨ ਕਾਰਤੂਸ ਬਰਾਮਦ ਹੋਏ ਸਨ) ਦੀ ਗ੍ਰਿਫ਼ਤਾਰੀ ਤੋਂ ਦੋ ਦਿਨ ਬਾਅਦ ਕੀਤੀ ਗਈ ਹੈ।
ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ’ਚ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਿਹਾ ਸੀ।
ਅਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ ਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਹਿਜਪ੍ਰੀਤ ਸਿੰਘ ਨਾਮ ਦੇ ਵਿਅਕਤੀ ਨੇ ਆਪਣੇ ਘਰ ਨੇੜਿਓਂ ਡਰੋਨ ਰਾਹੀਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਸ਼ੱਕੀ ਵਿਅਕਤੀ ਦੇ ਘਰ ਛਾਪਾ ਮਾਰਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ।
ਡੀ ਜੀ ਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਬੇਅਸਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਐੱਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਪੁਲੀਸ ਥਾਣਾ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।





