ਮੀਰੀ-ਪੀਰੀ ਖ਼ਾਲਸਾ ਮਾਰਚ ਅੱਜ ਇਥੇ ਗੁਰਦੁਆਰਾ ਚਰਨ ਕੰਵਲ ਤੋਂ ਆਰੰਭ ਹੋਇਆ, ਜਿਸ ਦਾ ਇਲਾਕੇ ਭਰ ਵਿਚ ਭਰਵਾਂ ਸਵਾਗਤ ਕੀਤਾ ਗਿਆ। ਢਾਹਾਂ ਕਲੇਰਾਂ ਪੁੱਜਣ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਹੇਠ ਜੁੜੀ ਇਕੱਤਰਤਾ ਵਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਟਰੱਸਟ ਵੱਲੋਂ ਪੰਜ ਪਿਆਰਿਆਂ ਅਤੇ ਸਿੰਘ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ ਗਏ। ਸੰਗਤ ਨੂੰ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਗਏ।
ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਮਾਰਚ ਦਾ ਮੁੱਖ ਮੰਤਵ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ ਤੋਂ ਜਾਣੂ ਕਰਵਾਉਣਾ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਹੈ। ਮੀਰੀ-ਪੀਰੀ ਦਾ ਸਿਧਾਂਤ ਸਿੱਖ ਜੀਵਨ ਵਿੱਚ ਧਾਰਮਿਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੇ ਮਹੱਤਵ ਨੂੰ ਦਰਸਾਉਂਦਾ ਹੈ।
ਉਨ੍ਹਾਂ ਨੌਜਵਾਨਾਂ ਨੂੰ ਆਪਣੇ ਅਮੀਰ ਸਿੱਖ ਵਿਰਸੇ, ਗੁਰਬਾਣੀ ਅਤੇ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਿੰਘ ਜਗਜੀਤ ਸਿੰਘ ਸੋਢੀ ਮੀਤ ਸਕੱਤਰ ਟਰੱਸਟ, ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਸਤਨਾਮ ਸਿੰਘ ਲਾਦੀਆਂ, ਭਾਈ ਜੋਗਾ ਸਿੰਘ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ, ਮੈਡੀਕਲ ਸਟਾਫ, ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।






