ਆਗਾਮੀ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਨੇ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐੱਫ ਡੀ ਏ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੀਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਉਪਲਬਧਤਾ ਯਕੀਨੀ ਬਣਾਉਣ ਵਾਸਤੇ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਖ਼ੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਬਣੀ ਹੋਈ ਹੈ, ਖ਼ਾਸ ਕਰਕੇ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਠਿਆਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ।
ਡਾ. ਬਲਬੀਰ ਸਿੰਘ ਨੇ ਸਾਰੇ ਖੁਰਾਕ ਕਾਰੋਬਾਰੀਆਂ (ਐੱਫ ਬੀ ਓਜ਼) ਨੂੰ ਅਪੀਲ ਕੀਤੀ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
ਉਨ੍ਹਾਂ ਨੇ ਖੁਰਾਕ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੱਚੇ ਮਾਲ ਦੀ ਸਹੀ ਖਰੀਦ ਅਤੇ ਸੁਚੱਜੀ ਸੰਭਾਲ ਯਕੀਨੀ ਬਣਾਉਣ, ਸਫਾਈ ਵਿਵਸਥਾ ਕਾਇਮ ਰੱਖਣ, ਮਿਲਾਵਟਖੋਰੀ ਤੋਂ ਬਚਣ ਅਤੇ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗੈਰ-ਮਿਆਰੀ ਕਾਰਵਾਈ ਤੋਂ ਸਖ਼ਤੀ ਨਾਲ ਗੁਰੇਜ਼ ਕਰਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਖੁਰਾਕ ਦੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਕਰਨ ਵਾਲਿਆਂ ’ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਮੀਨੀ ਪੱਧਰ ’ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ, ਐੱਫ ਡੀ ਏ ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਨਜ਼ਰਸਾਨੀ ਲਈ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਦੀ ਇੱਕ ਲੜੀ ਸ਼ੁਰੂ ਕੀਤੀ ਗਈ ਹੈ।
12 ਅਤੇ 13 ਸਤੰਬਰ ਨੂੰ ਪਨੀਰ ਅਤੇ ਖੋਏ ਦੀ ਗੁਣਵੱਤਾ ਜਾਂਚ ਦੇ ਮੱਦੇਨਜ਼ਰ ਸੂਬਾ ਪੱਧਰੀ ਮੁਹਿੰਮ ਚਲਾਈ ਗਈ, ਜਿਸ ਦੌਰਾਨ 216 ਨਮੂਨੇ ਲਏ ਗਏ ਅਤੇ ਵਿਸਥਾਰਪੂਰਵਕ ਜਾਂਚ ਲਈ ਨਮੂਨੇ ਰਾਜ ਖੁਰਾਕ ਲੈਬਾਰਿਟਰੀ ਨੂੰ ਭੇਜੇ ਗਏ ਹਨ। ਜਾਂਚ ਰਿਪੋਰਟਾਂ ਪ੍ਰਾਪਤ ਹੋਣ ’ਤੇ ’ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਤੇ ਨਿਯਮਾਂ’ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਕਾਰਵਾਈ ਨੂੰ ਜਾਰੀ ਰੱਖਦਿਆਂ, ਕਮਿਸ਼ਨਰ ਨੇ ਦੱਸਿਆ ਕਿ ਐੱਫ ਡੀ ਏ ਦੀਆਂ ਟੀਮਾਂ ਨੇ 19 ਅਤੇ 20 ਸਤੰਬਰ ਨੂੰ ਮਿਠਾਈ ਅਤੇ ਬੇਕਰੀ ਉਤਪਾਦਨ ਇਕਾਈਆਂ ਵਿੱਚ ਸਫਾਈ ਅਤੇ ਸਵੱਛਤਾ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਕੀਤੀਆਂ ਗਈਆਂ 250 ਜਾਂਚਾਂ ਵਿੱਚੋਂ, ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਲਈ ਮੌਕੇ ’ਤੇ ਹੀ 20 ਚਲਾਨ ਕੱਟੇ ਗਏ। ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਸਪਸ਼ਟ ਕੀਤਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਖ਼ਤ ਨਿਗਰਾਨੀ, ਦੇਖ-ਰੇਖ ਅਤੇ ਅਚਨਚੇਤ ਜਾਂਚ ਦਾ ਸਿਲਸਿਲਾ ਇਸੇ ਤਰ੍ਹਾਂ ਨਿਰਵਿਘਨ ਜਾਰੀ ਰਹੇਗਾ।






