Gyanesh Kumar Resignation: ਇੰਡੀਆ ਗਠਜੋੜ ਨੇ ਦੋ ਦਿਨਾਂ ਦੇ ਮਾਰਚ, ਧਰਨਿਆਂ ਅਤੇ ਆਗੂਆਂ ਦੀਆਂ ਨਜ਼ਰਬੰਦੀਆਂ ਤੋਂ ਬਾਅਦ ਅੱਜ ਮੁੜ ਕੌਮੀ ਰਾਜਧਾਨੀ ਵਿੱਚ ਰੋਸ ਪ੍ਰਗਟਾਇਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਦੁਪਹਿਰ ਦੇ ਖਾਣੇ ਦੀ ਮੀਟਿੰਗ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਰਾਜਘਾਟ ਪੁੱਜੇ।
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਕਨਾਟ ਪਲੇਸ ਪਹੁੰਚੇ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਮੀਟਿੰਗ ਕੀਤੀ। ਰਾਸ਼ਟਰੀ ਜਨਤਾ ਦਲ ਦੇ ਸੁਧਾਰ ਸਿੰਘ, ਸਮਾਜਵਾਦੀ ਪਾਰਟੀ ਦੇ ਆਗੂ ਰਾਜੀਵ ਰਾਏ, ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਤੇ ਇੰਡੀਆ ਗੱਠਜੋੜ ਦੀਆਂ ਹੋਰ ਪਾਰਟੀਆਂ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਸ਼ਾਮਲ ਹੋਏ।
ਇਹ ਕਾਰਵਾਈ ਅਜਿਹੇ ਸਮੇਂ ਹੋਈ ਜਦੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਵਿਰੋਧੀ ਧਿਰ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਤਹਿਤ ਬੇਨਿਯਮੀਆਂ ਅਤੇ ਵੋਟਾਂ ਦੀ ‘ਚੋਰੀ’ ਦੇ ਆਪਣੇ ਦੋਸ਼ਾਂ ਨੂੰ ਲੈ ਕੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ।
ਦੁਪਹਿਰ ਦੇ ਖਾਣੇ ਦੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਇੰਡੀਆ ਗੱਠਜੋੜ ਦੇ ਆਗੂ ਤਿੰਨ ਬੱਸਾਂ ਵਿੱਚ ਸਵਾਰ ਹੋ ਕੇ ਰਾਜਘਾਟ ਸਥਿਤ ਗਾਂਧੀ ਸਮਾਰਕ ਲਈ ਰਵਾਨਾ ਹੋਏ। ਇੱਥੇ ਉਨ੍ਹਾਂ ਨੇ ਸ਼ਾਂਤਮਈ ਧਰਨਾ ਦੇਣ ਦੀ ਯੋਜਨਾ ਬਣਾਈ ਸੀ। ਕਾਂਗਰਸ ਦੇ ਵੱਡੀ ਗਿਣਤੀ ਵਿੱਚ ਕਾਰਕੁਨ ਹੱਥਾਂ ਵਿੱਚ ਪਾਰਟੀ ਦੇ ਝੰਡੇ ਲੈ ਕੇ ਬੱਸਾਂ ਦੇ ਨਾਲ ਚੱਲ ਰਹੇ ਸਨ।
ਖੜਗੇ ਨੇ ਕਿਹਾ ਕਿ ਸੰਸਦ ਮੈਂਬਰ ਰਾਜਘਾਟ ਸਥਿਤ ਸਮਾਰਕ ’ਤੇ ਇਕੱਠੇ ਹੋ ਕੇ ਚੁੱਪ ਬੈਠਣਗੇ ਅਤੇ ਭਾਜਪਾ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਲਈ ‘ਸਦਬੁੱਧੀ’ ਦੀ ਅਰਦਾਸ ਕਰਨਗੇ।
ਖੜਗੇ ਨੇ ਕਿਹਾ ਕਿ ਵਿਰੋਧੀ ਧਿਰ ਵੋਟਾਂ ਦੀ ‘ਚੋਰੀ’, ਵਧਦੀ ਮਹਿੰਗਾਈ ਅਤੇ ਦੇਸ਼ ਦੇ ਨੌਜਵਾਨਾਂ ਸਾਹਮਣੇ ਖੜ੍ਹੀਆਂ ਸਮੱਸਿਆਵਾਂ ਨੂੰ ਉਜਾਗਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਗੂ ਰਾਜਘਾਟ ’ਤੇ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਜਾਰੀ ਰੱਖਣਗੇ।
ਵਿਰੋਧੀ ਧਿਰ ਨਾਲ ਧੱਕਾ ਕੀਤਾ ਜਾ ਰਿਹੈ: ਰਾਹੁਲ
ਬੱਸਾਂ ਦੇ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਦਿੱਲੀ ਵਿੱਚ ਵਿਰੋਧੀ ਧਿਰ ਨੂੰ ਕਿਤੇ ਵੀ ਪ੍ਰਦਰਸ਼ਨ ਨਹੀਂ ਕਰਨ ਦਿੱਤਾ ਜਾ ਰਿਹਾ। ਬੁੱਧਵਾਰ ਦੀ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਜੰਤਰ ਮੰਤਰ ਜਾਣ ਤੋਂ ਰੋਕਿਆ ਗਿਆ ਅਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਧੱਕਾ-ਮੁੱਕੀ ਕੀਤੀ ਗਈ। ਰਾਹੁਲ ਨੇ ਦੋਸ਼ ਲਾਇਆ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਲੋਕਤੰਤਰਿਕ ਪ੍ਰਕਿਰਿਆ ਨੂੰ ‘ਹਾਈਜੈਕ’ ਕਰ ਲਿਆ ਹੈ। ਉਨ੍ਹਾਂ ਨੇ ਵੋਟਾਂ ਦੀ ਕਥਿਤ ਚੋਰੀ ਦੇ ਦੋਸ਼ਾਂ ’ਤੇ ਕਾਰਵਾਈ ਦੀ ਮੰਗ ਵੀ ਦੁਹਰਾਈ।
ਰਾਸ਼ਟਰਪਤੀ ਨਾਲ ਮੁਲਾਕਾਤ ਕਰੇਗਾ 10 ਮੈਂਬਰੀ ਵਫ਼ਦ
ਵਿਰੋਧੀ ਧਿਰ ਲਈ ਵੀਰਵਾਰ ਨੂੰ ਇੱਕ ਹੋਰ ਅਹਿਮ ਘਟਨਾ ਸਾਹਮਣੇ ਆਈ। ਰਾਸ਼ਟਰਪਤੀ ਦਰੋਪਦੀ ਮੁਰਮੂ ਸ਼ੁੱਕਰਵਾਰ ਨੂੰ ਇੰਡੀਆ ਗੱਠਜੋੜ ਦੇ 10 ਮੈਂਬਰੀ ਵਫ਼ਦ ਨਾਲ ਮੁਲਾਕਾਤ ਕਰਨਗੇ। ਗੱਠਜੋੜ ਨੇ ਪਹਿਲਾਂ 15 ਆਗੂਆਂ ਲਈ ਮੁਲਾਕਾਤ ਦਾ ਸਮਾਂ ਮੰਗਿਆ ਸੀ। ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਵਾਲੇ ਆਗੂਆਂ ਵਿੱਚ ਖੜਗੇ, ਰਾਹੁਲ ਗਾਂਧੀ, ਅਖਿਲੇਸ਼ ਯਾਦਵ ਅਤੇ ਮਮਤਾ ਬੈਨਰਜੀ ਸਮੇਤ ਹੋਰ ਆਗੂ ਸ਼ਾਮਲ ਹੋਣ ਦੀ ਉਮੀਦ ਹੈ।
ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਕਿਹਾ ਕਿ ਗੱਠਜੋੜ ਨੇ ਸਭ ਤੋਂ ਪਹਿਲਾਂ 2 ਅਕਤੂਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਪੱਤਰ ਭੇਜਿਆ ਸੀ। ਇਸ ਤੋਂ ਬਾਅਦ ਰਾਸ਼ਟਰਪਤੀ ਭਵਨ ਨੇ ਆਉਣ ਵਾਲੇ ਆਗੂਆਂ ਦੇ ਨਾਂ ਮੰਗੇ ਸਨ। ਗੱਠਜੋੜ ਨੇ 5 ਅਕਤੂਬਰ ਨੂੰ ਮੁੜ ਪੱਤਰ ਭੇਜ ਕੇ 7, 8 ਜਾਂ 9 ਅਕਤੂਬਰ ਨੂੰ ਮੁਲਾਕਾਤ ਦਾ ਸਮਾਂ ਮੰਗਿਆ ਸੀ।
ਦਿੱਲੀ ਵਿੱਚ ਸੁਰੱਖਿਆ ਵਧਾਈ, ਕਈ ਥਾਵਾਂ ’ਤੇ ਬੈਰੀਕੇਡ
ਇਸ ਦੌਰਾਨ ਕੇਂਦਰੀ ਦਿੱਲੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਪੁਲੀਸ ਅਤੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੇ ਗਏ ਹਨ। ਕਈ ਥਾਵਾਂ ’ਤੇ ਬੈਰੀਕੇਡ ਲਗਾ ਕੇ ਇਲਾਕਿਆਂ ਦੀ ਘੇਰਾਬੰਦੀ ਕੀਤੀ ਗਈ ਹੈ।
ਇਹ ਸਖ਼ਤੀ ਬੁੱਧਵਾਰ ਨੂੰ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਖੜਗੇ ਅਤੇ ਹੋਰ ਵਿਰੋਧੀ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਇੱਕ ਦਿਨ ਬਾਅਦ ਕੀਤੀ ਗਈ ਹੈ। ਵਿਰੋਧੀ ਆਗੂਆਂ ਦੀਆਂ ਤਿੰਨ ਬੱਸਾਂ ਨੂੰ ਅਸ਼ੋਕਾ ਰੋਡ ’ਤੇ ਸ਼ਾਂਗਰੀਲਾ ਹੋਟਲ ਨੇੜੇ ਰੋਕ ਦਿੱਤਾ ਗਿਆ ਸੀ। ਇਸ ਤੋਂ ਬਾਅਦ ਆਗੂ ਬੱਸਾਂ ਤੋਂ ਉਤਰ ਕੇ ਸੜਕ ’ਤੇ ਧਰਨੇ ’ਤੇ ਬੈਠ ਗਏ।
ਰਾਹੁਲ ਨੂੰ ਜ਼ਬਰਦਸਤੀ ਹਟਾ ਕੇ ਪੁਲੀਸ ਬੱਸ ਵਿੱਚ ਲਿਜਾਇਆ ਗਿਆ। ਪ੍ਰਿਯੰਕਾ ਗਾਂਧੀ ਸਮੇਤ ਹੋਰ ਮਹਿਲਾ ਆਗੂ ਸੰਵਿਧਾਨ ਹੱਥ ਵਿੱਚ ਲੈ ਕੇ ਸੜਕ ’ਤੇ ਲੇਟ ਗਈਆਂ, ਜਿਨ੍ਹਾਂ ਨੂੰ ਮਹਿਲਾ ਪੁਲੀਸ ਮੁਲਾਜ਼ਮਾਂ ਨੇ ਹਟਾਇਆ। ਰਾਹੁਲ ਨੂੰ ਬਾਰਾਖੰਭਾ ਥਾਣੇ ਲਿਜਾਇਆ ਗਿਆ, ਜਦਕਿ ਪ੍ਰਿਯੰਕਾ ਅਤੇ ਹੋਰ ਆਗੂਆਂ ਨੂੰ ਛਤਰਸਾਲ ਸਟੇਡੀਅਮ ਲਿਜਾਇਆ ਗਿਆ। ਬਾਅਦ ਵਿੱਚ ਸਾਰਿਆਂ ਨੂੰ ਰਿਹਾਅ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੰਸਦ ਤੋਂ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਵੱਲ ਮਾਰਚ ਕਰ ਰਹੇ ਵਿਰੋਧੀ ਸੰਸਦ ਮੈਂਬਰਾਂ ਨੂੰ ਪੁਲੀਸ ਨੇ ਰੋਕ ਦਿੱਤਾ ਸੀ ਅਤੇ ਆਕਾਸ਼ਵਾਣੀ ਭਵਨ ਵਿੱਚ ਲੰਮੇ ਧਰਨੇ ਤੋਂ ਬਾਅਦ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।
ਦਿੱਲੀ ਪੁਲੀਸ ਨੇ ਬੁੱਧਵਾਰ ਦੇ ਪ੍ਰਦਰਸ਼ਨ ਦੇ ਸਬੰਧ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਖ਼ਿਲਾਫ਼ ਇੱਕ ਹੋਰ ਐਫਆਈਆਰ ਦਰਜ ਕੀਤੀ ਹੈ। ਪੁਲੀਸ ਨੇ ਉਨ੍ਹਾਂ ’ਤੇ ਪੁਲੀਸ ਮੁਲਾਜ਼ਮਾਂ ਨਾਲ ਕਥਿਤ ਤੌਰ ’ਤੇ ਹੱਥੋਪਾਈ ਕਰਨ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਲਾਏ ਹਨ। ਕਾਂਗਰਸ ਦੇ ਕਈ ਹੋਰ ਆਗੂਆਂ ਅਤੇ ਕਾਰਕੁਨਾਂ ਦੇ ਨਾਂ ਵੀ ਐਫਆਈਆਰ ਵਿੱਚ ਸ਼ਾਮਲ ਕੀਤੇ ਗਏ ਹਨ। ਪੁਲੀਸ ਨੇ ਕਿਹਾ ਕਿ ਦੋਸ਼ਾਂ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਬੁੱਧਵਾਰ ਦੇ ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰਾਂ ਅਤੇ ਹੋਰ ਆਗੂਆਂ ਸਮੇਤ ਕੁੱਲ 91 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।






