Parvinder Jhota Murder: ਕੇਂਦਰੀ ਗ੍ਰਹਿ ਮੰਤਰਾਲੇ ਨੇ ਮਾਨਸਾ ’ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਸਖ਼ਤ ਨੋਟਿਸ ਲਿਆ ਹੈ। ਹੁਣ ਇਹ ਮਾਮਲਾ ਕੌਮੀ ਪੱਧਰ ’ਤੇ ਗੂੰਜਣ ਲੱਗਿਆ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ ਨਸ਼ਿਆਂ ਦੇ ਮੁੱਦੇ ’ਤੇ ਇੱਕ ਦੂਜੇ ’ਤੇ ਤੋਹਮਤਬਾਜ਼ੀ ਵੀ ਲਾਉਣ ਲੱਗੀਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ‘ਐਕਸ’ ’ਤੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਅਤੇ ਦਿੜ੍ਹਬਾ ’ਚ ਇੱਕ ਬਾਪ ਵੱਲੋਂ ਦਬਾਅ ਹੇਠ ਕੀਤੀ ਖ਼ੁਦਕੁਸ਼ੀ ਦੇ ਮਾਮਲੇ ’ਤੇ ਕੇਂਦਰੀ ਗ੍ਰਹਿ ਮੰਤਰਾਲਾ ਪੰਜਾਬ ਸਰਕਾਰ ਤੋਂ ਜਵਾਬ ਤਲਬ ਕਰੇਗਾ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ‘ਆਪ’ ਸਰਕਾਰ ਅਤੇ ਇੱਕ ਵਿਧਾਇਕ ’ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵੱਧ ਰਹੇ ਖ਼ਤਰਿਆਂ ਨਾਲ ਜੂਝ ਰਿਹਾ ਹੈ। ਉਨ੍ਹਾਂ ਮਾਨ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਆਖ਼ਰਕਾਰ ਕੌਣ ਲਵੇਗਾ? ਅਮਿਤ ਸ਼ਾਹ ਨੇ ਕਿਹਾ ਕਿ ਨਸ਼ਾ ਤਸਕਰੀ ਪੰਜਾਬ ’ਚ ਵਧ ਰਹੀ ਹੈ, ਸੰਗਠਿਤ ਅਪਰਾਧ ਦਾ ਖ਼ਤਰੇ ਵਧ ਰਿਹਾ ਹੈ ਅਤੇ ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਸੁਰੱਖਿਅਤ ਨਹੀਂ। ਇਸ ਕਰ ਕੇ ਨਸ਼ਾ ਨੈੱਟਵਰਕ ਤੋੜਨਾ ਪਵੇਗਾ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਖ਼ਾਤਬ ਹੁੰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਤੀਜੇ ਚਾਹੀਦੇ ਹਨ, ਨਾ ਕਿ ਐਲਾਨ। ਅਪਰਾਧੀਆਂ ਨੂੰ ਮਿਲ ਰਹੀ ਕਿਸੇ ਵੀ ਸਿਆਸੀ ਸਰਪ੍ਰਸਤੀ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਚੇਤੇ ਰਹੇ ਕਿ ਭਾਜਪਾ ਵੱਲੋਂ 30 ਸਤੰਬਰ ਨੂੰ ਹੀ ਅਮਿਤ ਸ਼ਾਹ ਦੀ ਜਲੰਧਰ ਰੈਲੀ ਨਾਲ ‘ਨਸ਼ਾ ਮੁਕਤ ਪੰਜਾਬ’ ਯਾਤਰਾ ਦੀ ਸਮਾਪਤੀ ਕੀਤੀ ਗਈ ਸੀ ਜਿਸ ’ਚ ਅਮਿਤ ਸ਼ਾਹ ਨੇ 2029 ਤੱਕ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਸੀ। ਅੱਜ ਮੁੜ ਕੇਂਦਰੀ ਗ੍ਰਹਿ ਮੰਤਰੀ ਨੇ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ਾ ਮੁਕਤ, ਗੈਂਗਸਟਰ ਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਟੀਚਾ ਸਪਸ਼ਟ ਹੈ ਜਿਸ ਦੀ ਪੂਰਤੀ ਲਈ ਪੂਰੀ ਤਾਕਤ ਨਾਲ ਕੰਮ ਕਰਾਂਗੇ।
ਉਨ੍ਹਾਂ ਅਜਿਹਾ ਪੰਜਾਬ ਸਿਰਜਣ ਦੀ ਗੱਲ ਕਹੀ ਕਿ ਜਿਸ ’ਚ ਕਿਸੇ ਵੀ ਨਾਗਰਿਕ ਨੂੰ ਡਰ ਦੇ ਸਾਏ ਹੇਠ ਜਿਊਣ ਲਈ ਮਜਬੂਰ ਨਾ ਹੋਣਾ ਪਵੇ। ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਾਂਗੇ। ਪੰਜਾਬ ਭਾਜਪਾ ਤਰਫ਼ੋਂ ਵੀ ਨਸ਼ਿਆਂ ਅਤੇ ਅਮਨ ਕਾਨੂੰਨ ਵਿਵਸਥਾ ਨੂੰ ਮੁੱਖ ਮੁੱਦੇ ਦੇ ਤੌਰ ’ਤੇ ਉਭਾਰਿਆ ਜਾ ਰਿਹਾ ਹੈ।
ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਗਰੋਂ ਸਿਆਸੀ ਪਾਰਟੀਆਂ ਨੂੰ ਦੋ ਮਾਮਲਿਆਂ ’ਤੇ ‘ਆਪ’ ਸਰਕਾਰ ਨੂੰ ਘੇਰਨ ਦਾ ਮੌਕਾ ਮਿਲ ਗਿਆ।





