ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ, ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੇ ਸੋਮਵਾਰ ਨੂੰ ਉਨ੍ਹਾਂ ਤੋਂ ਜਵਾਬ ਮੰਗਿਆ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਰਹੱਦ ਪਾਰੋਂ ਪੰਜਾਬ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਕੀ ਕਦਮ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਨੇ ਐਤਵਾਰ ਨੂੰ ਐਲਾਨ ਕੀਤਾ ਸੀ ਕਿ ਉਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਅਤੇ ਮਾਨਸਾ, ਸੰਗਰੂਰ ਤੇ ਗੁਰਦਾਸਪੁਰ ਵਿੱਚ ਨਸ਼ਿਆਂ ਦੇ ਕੋਹੜ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਆਪਣੀ ਜਾਨ ਗੁਆਉਣ ਵਾਲੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਗ੍ਰਹਿ ਮੰਤਰੀ ਨੇ ਇਹ ਦੋਸ਼ ਵੀ ਲਾਇਆ ਸੀ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸੂਬੇ ਨੂੰ ‘ਨਸ਼ਿਆਂ ਦੀ ਡੂੰਘੀ ਦਲਦਲ ਵਿੱਚ ਧੱਕਣ’ ਵਿੱਚ ਕੋਈ ਕਸਰ ਨਹੀਂ ਛੱਡੀ ਹੈ।
ਇਸ ‘ਤੇ ਪ੍ਰਤੀਕਰਮ ਦਿੰਦਿਆਂ ਪਾਇਲਟ ਨੇ ਕਿਹਾ ਕਿ ਜਦੋਂ ਕੇਂਦਰੀ ਗ੍ਰਹਿ ਮੰਤਰੀ ਪੰਜਾਬ ਆਉਣਗੇ ਤਾਂ ਉਨ੍ਹਾਂ ਨੂੰ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਕੇਂਦਰ ਨੇ ਡਰੋਨਾਂ ਰਾਹੀਂ ਹੁੰਦੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਕੀ ਕੀਤਾ ਹੈ।
ਉਨ੍ਹਾਂ ਇਸ਼ਾਰਾ ਕਰਦਿਆਂ ਕਿਹਾ ਕਿ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਵਿੱਚ 50 ਕਿਲੋਮੀਟਰ ਦਾ ਦਾਇਰਾ ਆਉਂਦਾ ਹੈ। ਬਟਾਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਇਲਟ ਨੇ ਕਿਹਾ, “ਤੁਸੀਂ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਕੀ ਕਦਮ ਚੁੱਕੇ ਹਨ? ਭਾਜਪਾ ਪਿਛਲੇ 12 ਸਾਲਾਂ ਤੋਂ ਕੇਂਦਰ ਦੀ ਸੱਤਾ ਵਿੱਚ ਹੈ। ਉਨ੍ਹਾਂ ਨੂੰ ਇਸ ਦਾ ਜਵਾਬ ਦੇਣਾ ਪਵੇਗਾ।”
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੇ ਨਾਲ ਮੌਜੂਦ ਪਾਇਲਟ ਨੇ ਸਵਾਲ ਕੀਤਾ, “ਗ੍ਰਹਿ ਮੰਤਰਾਲਾ ਅਤੇ ਰੱਖਿਆ ਮੰਤਰਾਲਾ ਕੀ ਕਰ ਰਹੇ ਹਨ? ਨਸ਼ਾ ਅਤੇ ਹਥਿਆਰ ਕਿੱਥੋਂ ਆ ਰਹੇ ਹਨ? ਨਸ਼ੇ ਦੀ ਕਮਾਈ ਨਾਜਾਇਜ਼ ਹਥਿਆਰਾਂ ਦੇ ਕਾਰੋਬਾਰ ਨੂੰ ਚਲਾਉਂਦੀ ਹੈ।”
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਜੇਲ੍ਹਾਂ ਵਿੱਚ ਬੈਠੇ ਗੈਂਗਸਟਰ ਕਿਵੇਂ ਨੈੱਟਵਰਕ ਚਲਾ ਰਹੇ ਹਨ ਅਤੇ ਲੋਕਾਂ ਨੂੰ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਉਨ੍ਹਾਂ ਪੁੱਛਿਆ, “ਕੀ ਇਸ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ ਨਹੀਂ ਹਨ?”
ਸਚਿਨ ਪਾਇਲਟ ਗੈਂਗਸਟਰਾਂ ਦੀ ਹਿੰਸਾ ਦਾ ਸ਼ਿਕਾਰ ਹੋਏ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਲਈ ਇਨਸਾਫ਼ ਦੀ ਮੰਗ ਕਰਨ ਵਾਸਤੇ ਪੰਜਾਬ ਦੇ ਪੰਜ ਰੋਜ਼ਾ ਦੌਰੇ ‘ਤੇ ਹਨ।
ਬਾਅਦ ਵਿੱਚ ਬਟਾਲਾ ਵਿਖੇ, ਪਾਇਲਟ, ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਨਵ ਮਹਾਜਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਸਦੀ 10 ਅਕਤੂਬਰ 2025 ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਸ ਮੌਕੇ ਪਰਗਟ ਸਿੰਘ ਨੇ ਕਿਹਾ, “ਅਸੀਂ ਇਨਸਾਫ਼ ਦੀ ਇਸ ਲੜਾਈ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹਾਂ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ। ਪੰਜਾਬ ਵਿੱਚ ਦਿਨ-ਦਿਹਾੜੇ ਕਤਲ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਚਿੰਤਾਜਨਕ ਹੱਦ ਤੱਕ ਆਮ ਹੋ ਗਈਆਂ ਹਨ। ‘ਆਪ’ ਸਰਕਾਰ ਆਪਣੇ ਲੋਕਾਂ ਦੀ ਸੁਰੱਖਿਆ ਅਤੇ ਹਿਫਾਜ਼ਤ ਯਕੀਨੀ ਬਣਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ।”





