ਅੰਡੇਮਾਨ ਸਾਗਰ ਵਿੱਚ ਵੀਰਵਾਰ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ 5.1 ਮਾਪੀ ਗਈ ਹੈ। ਕੌਮੀ ਭੂਚਾਲ ਵਿਗਿਆਨ ਕੇਂਦਰ (National Center for Seismology) ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਕਾਰਨ ਤੁਰੰਤ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਭੂਚਾਲ ਦਾ ਕੇਂਦਰ ਬੈਂਬੂ ਫਲੈਟ (Bamboo Flat) ਖੇਤਰ ਤੋਂ 218 ਕਿਲੋਮੀਟਰ ਉੱਤਰ-ਉੱਤਰ-ਪੱਛਮ ਵੱਲ ਸੀ। ਭੂਚਾਲ ਦੇ ਝਟਕੇ ਦੁਪਹਿਰ ਕਰੀਬ 3:19 ਵਜੇ ਮਹਿਸੂਸ ਕੀਤੇ ਗਏ।
ਇੱਕ ਅਧਿਕਾਰੀ ਨੇ ਕਿਹਾ, “ਭੂਚਾਲ ਜ਼ਮੀਨ ਦੇ ਅੰਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਅਸੀਂ ਸਾਰੀਆਂ ਸਬੰਧਤ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ ਅਤੇ ਤੈਅ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਜਾ ਰਹੀ ਹੈ।”
ਸ੍ਰੀ ਵਿਜੈ ਪੁਰਮ ਸਥਿਤ ਜ਼ਿਲ੍ਹਾ ਐਮਰਜੈਂਸੀ ਅਪਰੇਸ਼ਨ ਸੈਂਟਰ (DEOC) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹਤਿਆਤ ਵਜੋਂ ਸੈਲਾਨੀਆਂ ਅਤੇ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕਈ ਟੀਮਾਂ ਭੂਚਾਲ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ।
ਅਧਿਕਾਰੀ ਨੇ ਕਿਹਾ, “ਉੱਤਰੀ ਅਤੇ ਮੱਧ ਅੰਡੇਮਾਨ ਦੇ ਕੁਝ ਹਿੱਸਿਆਂ ਤੋਂ ਹਲਕੇ ਝਟਕੇ ਮਹਿਸੂਸ ਹੋਣ ਦੀਆਂ ਖ਼ਬਰਾਂ ਮਿਲੀਆਂ ਹਨ। ਅਜਿਹੀਆਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ, ਕਿਉਂਕਿ ਅਜਿਹੇ ਹਾਲਾਤ ਨਾਲ ਨਜਿੱਠਣ ਲਈ ਨਿਯਮਤ ਤੌਰ ‘ਤੇ ਮੌਕ ਡਰਿੱਲਾਂ (ਅਭਿਆਸ) ਕਰਵਾਈਆਂ ਜਾਂਦੀਆਂ ਹਨ।”
ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ ਸਮੁੰਦਰੀ ਤੱਟ ਤੋਂ ਕਾਫ਼ੀ ਦੂਰ ਸੀ ਅਤੇ ਅੰਡੇਮਾਨ ਤੇ ਨਿਕੋਬਾਰ ਟਾਪੂਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।






