ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਅਦਾਲਤ ਨੇ ਉਨ੍ਹਾਂ ਨੂੰ 14 ਨਵੰਬਰ ਲਈ ਇੱਕ ਦਿਨਾ ਹਿਰਾਸਤੀ ਪੈਰੋਲ ਦੇ ਦਿੱਤੀ ਸੀ। ਹਾਲਾਂਕਿ, ਉਨ੍ਹਾਂ ਦੇ ਵਕੀਲ ਵੱਲੋਂ ਦਾਇਰ ਕੀਤੀ ਗਈ ਮੁੱਢਲੀ ਅਰਜ਼ੀ ਵਿੱਚ 14 ਨਵੰਬਰ ਨੂੰ ਸਸਕਾਰ ਲਈ ਇਜਾਜ਼ਤ ਮੰਗੀ ਗਈ ਸੀ, ਪਰ ਸੁਣਵਾਈ ਵਿੱਚ ਹੋਈ ਦੇਰੀ ਕਾਰਨ ਲੋੜੀਂਦੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਉਨ੍ਹਾਂ ਦੇ ਪੰਜਾਬ ਆਉਣ ਲਈ ਸਿਰਫ਼ ਇੱਕ ਦਿਨ ਦਾ ਹੀ ਸਮਾਂ ਬਚਿਆ ਸੀ। ਇਨ੍ਹਾਂ ਤਕਨੀਕੀ ਕਾਰਨਾਂ ਕਰਕੇ ਹੁਣ ਸਸਕਾਰ ਦੀ ਤਰੀਕ ਬਦਲ ਕੇ 17 ਨਵੰਬਰ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 19 ਨਵੰਬਰ ਨੂੰ ਭੋਗ ਪਾਏ ਜਾਣਗੇ। ਇਸ ਦੇ ਮੱਦੇਨਜ਼ਰ ਵਕੀਲਾਂ ਵੱਲੋਂ ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਇਹ ਅੰਤਰਿਮ ਜ਼ਮਾਨਤ 17 ਨਵੰਬਰ ਤੋਂ 19 ਨਵੰਬਰ ਤੱਕ ਦਿੱਤੀ ਜਾਵੇ, ਜਿਸ ‘ਤੇ ਅਦਾਲਤ ਦੇ ਫੈਸਲੇ ਦੀ ਫਿਲਹਾਲ ਉਡੀਕ ਹੈ।
ਐਡਵੋਕੇਟ ਪੰਨੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅੰਤਰਿਮ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ, ਪਰ ਪਾਰਟੀ ਦੇ ਲੀਗਲ ਸੈੱਲ ਦੇ ਵਕੀਲਾਂ ਦੀ ਜ਼ੋਰਦਾਰ ਬਹਿਸ ਮਗਰੋਂ ਅਦਾਲਤ ਨੇ ਇੱਕ ਦਿਨ ਦੀ ਮਨਜ਼ੂਰੀ ਦੇ ਦਿੱਤੀ ਸੀ।
ਪਾਰਟੀ ਦੇ ਬੁਲਾਰੇ ਨੇ ਅਦਾਲਤ ਦੇ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਸਿਰਫ਼ ਇੱਕ ਦਿਨ, ਜਦਕਿ ਉਨ੍ਹਾਂ ਦੇ ਚਾਚੇ ਨੂੰ ਦੋ ਦਿਨ ਅਤੇ ਇੱਕ ਹੋਰ ਰਿਸ਼ਤੇਦਾਰ ਨੂੰ ਤਿੰਨ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਕਾਨੂੰਨੀ ਪ੍ਰਕਿਰਿਆ ਵਿੱਚ ਜ਼ਿਆਦਾ ਸਮਾਂ ਲੱਗਣ ਕਾਰਨ ਹੀ ਅਦਾਲਤ ਨੂੰ ਤਰੀਕਾਂ ਬਦਲਣ ਦੀ ਅਪੀਲ ਕੀਤੀ ਗਈ ਹੈ ਅਤੇ ਉਸੇ ਅਨੁਸਾਰ ਸਸਕਾਰ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ।






