ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਬਾਰੇ ਕਥਿਤ ਤੌਰ ‘ਤੇ ਅਪਮਾਨਜਨਕ ਅਤੇ ਗੁੰਮਰਾਹਕੁੰਨ ਟਿੱਪਣੀਆਂ ਕਰਨ ਲਈ ਹਿਮਾਚਲ ਪ੍ਰਦੇਸ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਡੀਜੀਪੀ ਅਸ਼ੋਕ ਤਿਵਾਰੀ ਨੂੰ ਸੌਂਪੀ ਗਈ ਸ਼ਿਕਾਇਤ ਵਿੱਚ ਕੈਪਟਨ ਅਤੁਲ ਸ਼ਰਮਾ ਨੇ ਰਣੌਤ ਵਿਰੁੱਧ ਐੱਫ.ਆਈ.ਆਰ. (FIR) ਦਰਜ ਕਰਨ ਦੀ ਮੰਗ ਕੀਤੀ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਦੀਆਂ ਪੋਸਟਾਂ ਨਫ਼ਰਤ ਨੂੰ ਉਤਸ਼ਾਹਿਤ ਕਰਦੀਆਂ ਹਨ, ਸੰਵਿਧਾਨਕ ਵਫ਼ਾਦਾਰੀ ‘ਤੇ ਸਵਾਲ ਉਠਾਉਂਦੀਆਂ ਹਨ ਅਤੇ ਗ਼ਲਤ ਜਾਣਕਾਰੀ ਫੈਲਾਉਂਦੀਆਂ ਹਨ।
ਰਣੌਤ ਨੇ ਹਾਲ ਹੀ ਵਿੱਚ ਸੋਨੀਆ ਗਾਂਧੀ ਦੀ ਸਵੈ-ਜੀਵਨੀ ਨੂੰ ਲੈ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਸੀ, ਇਹ ਸਵਾਲ ਕਰਦਿਆਂ ਕਿ ਉਹ ਗਾਂਧੀ ਪਰਿਵਾਰ ਦੇ ਮੈਂਬਰਾਂ ਦੇ ਕਤਲਾਂ ਨਾਲ ਜੁੜੇ ਹਾਲਾਤਾਂ ਤੋਂ ਕਿਵੇਂ ਅਣਜਾਣ ਰਹਿ ਸਕਦੀ ਹੈ, ਜੋ ਕਿ ਸੋਨੀਆ ਗਾਂਧੀ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਤੋਂ ਸਾਲਾਂ ਬਾਅਦ ਵਾਪਰੇ ਸਨ। ਇਹ ਟਿੱਪਣੀਆਂ ਰਣੌਤ ਵੱਲੋਂ ਆਪਣੀ ਫ਼ਿਲਮ ‘ਐਮਰਜੈਂਸੀ’ ਦੀ ਖੋਜ ਅਤੇ ਤਿਆਰੀ ਦੌਰਾਨ ਕੀਤੇ ਗਏ ਤਜ਼ਰਬੇ ਦੇ ਸੰਦਰਭ ਵਿੱਚ ਕੀਤੀਆਂ ਗਈਆਂ ਸਨ।






