Amritpal Singh Parole: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੀ ਅਦਾਲਤ ਨੇ ਕਸਟਡੀ ਪੈਰੋਲ ਦੇ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਹੈ। ਇਸ ਦੌਰਾਨ ਉਹ ਪੁਲੀਸ ਹਿਰਾਸਤ ਵਿੱਚ ਰਹਿਣਗੇ ਅਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣਗੇ।
8 ਨਵੰਬਰ ਨੂੰ ਹੋਇਆ ਸੀ ਦਾਦੀ ਦਾ ਦੇਹਾਂਤ
ਅੰਮ੍ਰਿਤਪਾਲ ਸਿੰਘ ਦੀ 84 ਸਾਲਾ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ ਲੰਮੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ ਅਦਾਲਤ ਤੱਕ ਪਹੁੰਚ ਕੀਤੀ ਸੀ। ਪਰਿਵਾਰ ਦੀ ਇੱਛਾ ਸੀ ਕਿ ਉਹ ਆਪਣੀ ਦਾਦੀ ਦਾ ਅੰਤਿਮ ਸੰਸਕਾਰ ਆਪਣੇ ਹੱਥੀਂ ਕਰਨ ਅਤੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ।
ਇਸ ਤੋਂ ਪਹਿਲਾਂ ਵੀ ਅਦਾਲਤ ਨੇ 14 ਨਵੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਸੀ ਪਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਨਾ ਹੋ ਸਕਣ ਕਾਰਨ ਅੰਮ੍ਰਿਤਪਾਲ ਸਿੰਘ ਇੱਥੇ ਨਹੀਂ ਪਹੁੰਚ ਸਕੇ ਸਨ। ਇਸ ਮਗਰੋਂ ਉਨ੍ਹਾਂ ਦੇ ਵਕੀਲਾਂ ਨੇ ਪੈਰੋਲ ਦੀ ਤਰੀਕ ਬਦਲਣ ਲਈ ਨਵੀਂ ਅਰਜ਼ੀ ਦਾਇਰ ਕੀਤੀ ਸੀ।
ਤਿੰਨ ਦਿਨਾਂ ਦੀ ਰਾਹਤ ਮੰਗੀ ਸੀ
ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਪਹਿਲਾਂ 21 ਤੋਂ 23 ਨਵੰਬਰ ਤੱਕ ਤਿੰਨ ਦਿਨਾਂ ਦੀ ਅੰਤਰਿਮ ਰਾਹਤ ਮੰਗੀ ਸੀ। ਇਸ ਵਿੱਚ 21 ਨਵੰਬਰ ਨੂੰ ਸਸਕਾਰ, 22 ਨਵੰਬਰ ਨੂੰ ਅਸਥੀਆਂ ਅਤੇ 23 ਨਵੰਬਰ ਨੂੰ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਪੰਜਾਬ ਸਰਕਾਰ ਤੋਂ ਵੀ ਇਸ ਸਬੰਧੀ ਜਵਾਬ ਮੰਗਿਆ ਸੀ।
ਅੰਮ੍ਰਿਤਪਾਲ ਸਿੰਘ ਅਪਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਸਨ।





